ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਹੋਣਗੇ ਨਵੇਂ ਚੋਣ ਕਮਿਸ਼ਨਰ

ਨਵੀਂ ਦਿੱਲੀ (ਏਜੰਸੀਆਂ) : ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਨੂੰ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅਸ਼ੋਕ ਲਵਾਸਾ ਦੀ ਥਾਂ ਚੋਣ ਕਮਿਸ਼ਨਰ ਬਣਾਇਆ ਗਿਆ ਹੈ। ਲਵਾਸਾ ਨੇ ਬੀਤੀ 18 ਅਗਸਤ ਨੂੰ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਜੀਵ ਕੁਮਾਰ 1984 ਬੈਚ ਦੇ ਝਾਰਖੰਡ ਕੈਡਰ ਦੇ ਆਈਏਐੱਸ ਅਧਿਕਾਰੀ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜੀਵ ਕੁਮਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਅਸ਼ੋਕ ਲਵਾਸਾ ਅਗਲੀ 31 ਅਗਸਤ ਤਕ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਰਹਿਣਗੇ। ਰਾਜੀਵ ਕੁਮਾਰ ਦੀ ਨਿਯੁਕਤੀ ਇਸ ਤੋਂ ਬਾਅਦ ਪ੍ਰਭਾਵੀ ਮੰਨੀ ਜਾਵੇਗੀ। ਉਨ੍ਹਾਂ ਨੂੰ ਪਿਛਲੇ ਸਾਲ ਜੁਲਾਈ ਵਿਚ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਪਿਛਲੇ ਤਿੰਨ ਦਹਾਕਿਆਂ ਵਿਚ ਕਈ ਸੈਕਟਰਾਂ ਵਿਚ ਨੌਕਰਸ਼ਾਹ ਦੇ ਤੌਰ 'ਤੇ ਕੰਮ ਕੀਤਾ ਹੈ। ਉਨ੍ਹਾਂ ਨੇ ਜਨਤਕ ਖੇਤਰ ਦੇ ਬੈਂਕਾਂ ਨੂੰ ਮਜ਼ਬੂਤ ਕਰਨ ਦੀ ਕੇਂਦਰ ਦੀ ਯੋਜਨਾ ਨੂੰ ਲਾਗੂ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਜਨ ਧਨ ਤੇ ਮੁਦਰਾ ਕਰਜ਼ ਵਰਗੀਆਂ ਯੋਜਨਾਵਾਂ 'ਤੇ ਵੀ ਕਾਫੀ ਕੰਮ ਕੀਤਾ ਹੈ।