ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਘਰਾਂ 'ਚੋਂ ਜਬਰੀ ਲਿਜਾਣ 'ਤੇ ਵਿਵਾਦ

 

ਲੁਧਿਆਣਾ , ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਨਕ ਨਾਮ ਲੇਵਾ ਸੰਗਤਾਂ ਦੇ ਘਰਾਂ 'ਚੋਂ ਜਬਰੀ ਲੈ ਕੇ ਜਾਣ ਵਾਲੀ ਸਤਿਕਾਰ ਕਮੇਟੀ ਦੀ ਕਾਰਗੁਜ਼ਾਰੀ 'ਤੇ ਵਿਵਾਦ ਗਰਮਾ ਗਿਆ ਹੈ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਦੇ ਨਿਵਾਸ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁੱਛਿਆ ਹੈ ਕਿ ਇਸ ਸਤਿਕਾਰ ਕਮੇਟੀ ਨੂੰ ਇਹ ਅਧਿਕਾਰ ਕਿਸ ਨੇ ਦਿੱਤਾ ਹੈ ਕਿ ਉਹ ਜਦੋਂ ਚਾਹੁਣ ਕਿਸੇ ਦੇ ਘਰ 'ਚ ਦਾਖ਼ਲ ਹੋ ਕੇ ਉੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਣ।

ਉਨ੍ਹਾਂ ਕਿਹਾ ਕਿ ਉਹ ਇਸ ਗੰਭੀਰ ਮੁੱਦੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ 'ਚ ਉਠਾਉਣਗੇ। ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੇ ਉਨ੍ਹਾਂ ਸਾਰੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਦੇ ਘਰਾਂ 'ਚੋਂ ਸਤਿਕਾਰ ਕਮੇਟੀ ਦੀ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਗਈ ਹੈ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਣ ਤੇ ਇਕ ਕਾਪੀ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਨਾ ਦੇ ਨਾਮ 'ਤੇ ਵੀ ਭੇਜਣ।