ਲੁਧਿਆਣਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ 

19 ਮੌਤਾਂ, 338 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ , ਸਤੰਬਰ 2020 -(ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)-  ਲੁਧਿਆਣਾ ਸ਼ਹਿਰ ਵਿੱਚ ਜਿੱਥੇ ਆਏ ਦਿਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਮਾਮਲੇ ਵਧ ਰਹੇ ਹਨ ਉੱਥੇ ਨਾਲ ਹੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਲੁਧਿਆਣਾ ’ਚ ਐਤਵਾਰ ਕੋਰੋਨਾ ਨਾਲ 19 ਮੌਤਾਂ ਹੋਈਆਂ ਜਦ ਕਿ 338 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਰਨ ਵਾਲਿਆਂ ਵਿੱਚ 13 ਜ਼ਿਲ੍ਹਾ ਲੁਧਿਆਣਾ, 1 ਕਪੂਰਥਲਾ, 1 ਰੋਪੜ, 1 ਹੁਸ਼ਿਆਰਪੁਰ, 1 ਮੋਗਾ, 1 ਮੁਕਤਸਰ ਅਤੇ 1 ਰਾਜ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹੈ।  338 ਨਵੇਂ ਪਾਜ਼ੇਟਿਵ ਕੇਸਾਂ ਵਿੱਚ 307 ਜ਼ਿਲ੍ਹਾ ਲੁਧਿਆਣਾ ਅਤੇ 31 ਹੋਰ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਫੇਰ 5102 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 129540 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 127972 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 114922 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1568 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 11784 ਹੈ, ਜਦਕਿ 1266 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 499 ਅਤੇ 123 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 36673 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5169 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 403 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11784 ਮਰੀਜ਼ਾਂ ਵਿੱਚੋਂ 80.38 ਫੀਸਦੀ (9472 ਕੋਵਿਡ ਪਾਜ਼ੇਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1810 ਪਾਜ਼ੇਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 9472 ਹੋ ਗਈ ਹੈ।