ਮੁਹਾਲੀ, ਸਤੰਬਰ 2020 (ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਪੁਲੀਸ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ ਅਤੇ ਕਾਨੂੰਨ ਦੀਆਂ ਬਰੀਕੀਆਂ ਤੋਂ ਵਾਕਿਫ਼ ਸੈਣੀ ਲਗਾਤਾਰ ਆਪਣੀ ਗ੍ਰਿਫ਼ਤਾਰੀ ਤੋਂ ਬਚਦੇ ਆ ਰਹੇ ਹਨ। ਪੁਲੀਸ ਨੇ ਅੱਜ ਵੀ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸਮੇਤ ਹੋਰਨਾਂ ਥਾਵਾਂ ’ਤੇ ਛਾਣਬੀਣ ਕੀਤੀ ਹੈ। ਮੁਹਾਲੀ ਪੁਲੀਸ ਦੀ ਵਿਸ਼ੇਸ਼ ਟੀਮ ਨੇ ਦਿੱਲੀ ਵਿੱਚ ਸਾਬਕਾ ਡੀਜੀਪੀ ਦੀ ਪਤਨੀ ਸ਼ੋਭਾ ਸੈਣੀ ਅਤੇ ਧੀ ਗਾਇਤਰੀ ਸੈਣੀ ਤੋਂ ਪੁੱਛ-ਗਿੱਛ ਕੀਤੀ। ਸਿੱਟ ਦੇ ਇਕ ਮੈਂਬਰ ਮੁਤਾਬਕ ਪਰਿਵਾਰ ਦਾ ਕਹਿਣਾ ਹੈ ਕਿ ਸੈਣੀ ਕਰੀਬ 22 ਅਗਸਤ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ। ਮੁਹਾਲੀ ਦੇ ਐੱਸਪੀ (ਡੀ) ਅਤੇ ਸਿੱਟ ਦੇ ਮੁਖੀ ਹਰਮਨਦੀਪ ਸਿੰਘ ਹਾਂਸ ਤੋਂ ਇਸ ਸਬੰਧੀ ਹੋਰ ਵੇਰਵੇ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਸਿਰਫ਼ ਏਨਾ ਹੀ ਦੱਸਿਆ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਸੈਕਟਰ 10 ’ਚ ਸੁਮੇਧ ਸੈਣੀ ਦੇ ਕਾਰੋਬਾਰੀ ਦੋਸਤ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ। ਉਧਰ, ਸੁਮੇਧ ਸੈਣੀ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ।