ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਕੋਵਿਡ-19 ਮਰੀਜ਼ਾਂ ਲਈ ਸਹੂਲਤਾਂ ਦਾ ਲਿਆ ਜਾਇਜਾ

ਲੁਧਿਆਣਾ, ਸਤੰਬਰ 2020  ( ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ ) -ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਨੀਵਾਰ ਨੂੰ ਸਿਵਲ ਹਸਪਤਾਲ ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ (ਡੀ.ਐਮ.ਸੀ.) ਹਸਪਤਾਲ ਦਾ ਦੌਰਾ ਕੀਤਾ ਅਤੇ ਦੋਵਾਂ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਆਸ਼ੂ਼ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਚਿੰਤਤ ਹੈ ਅਤੇ ਜਾਗਰੂਕਤਾ ਪੈਦਾ ਕਰਕੇ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਸਾਰੇ ਯਤਨ ਕਰ ਰਹੀ ਹੈ ਅਤੇ ਨਾਲ ਹੀ ਸ਼ੁਰੂਆਤੀ ਪੜਾਅ 'ਤੇ ਮਰੀਜ਼ਾਂ ਦੀ ਪਛਾਣ ਕਰਕੇ ਲੋੜੀਂਦਾ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੱਲੋ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਇਲਾਜ ਲਈ 150 ਬੈਡ ਲੈਵਲ -2 ਉਪਲਬਧ ਹਨ, ਜਿਨ੍ਹਾਂ ਵਿਚੋਂ 28 ਬੈਡ ਲੈਵਲ-2 ਦੀ ਸਹੂਲਤ ਤੋਂ ਵੀ ਜ਼ਿਆਦਾ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਵਲ ਹਸਪਤਾਲ ਵਿਖੇ 68 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 31 ਮਰੀਜ਼ ਆਕਸੀਜਨ 'ਤੇ ਹਨ ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿੱਚ ਸਵੱਛਤਾ ਨੂੰ ਯਕੀਨੀ ਬਣਾਉਣ ਅਤੇ ਮਰੀਜ਼ਾਂ ਨੂੰ ਸਵੱਛ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਇਲਾਜ ਦੇਣ।

ਕੈਬਨਿਟ ਮੰਤਰੀ ਨੇ ਡੀ.ਐਮ.ਸੀ. ਹਸਪਤਾਲ ਦਾ ਦੌਰਾ ਵੀ ਕੀਤਾ ਜਿਥੇ ਡਾ: ਬਿਸ਼ਵ ਮੋਹਨ, ਡਾ ਸੰਦੀਪ ਪੁਰੀ ਅਤੇ ਡਾ ਰਾਜੇਸ਼ ਮਹਾਜਨ ਨੇ ਦੱਸਿਆ ਕਿ ਇਸ ਸਮੇਂ 241 ਕੋਵਿਡ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚ  144 ਲੈਵਲ-3, 84 ਲੈਵਲ-2 ਅਤੇ 13 ਲੈਵਲ-1 ਦੇ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਡੀ.ਐਮ.ਸੀ. ਇਕੱਲੀ ਅਜਿਹੀ ਸੰਸਥਾ ਹੈ ਜੋ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਮਰੀਜ਼ਾਂ ਦਾ ਇਲਾਜ਼ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੀ.ਐਮ.ਸੀ. ਹਸਪਤਾਲ ਵਿੱਚ ਕੋਵਿਡ ਅਤੇ ਨਾਨ-ਕੋਵੀਡ ਮਰੀਜ਼ਾਂ ਲਈ ਵੱਖਰੇ ਵਾਰਡ ਹਨ।

ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਅਤੇ ਡੀ.ਐਮ.ਸੀ. ਹਸਪਤਾਲ ਵਿੱਚ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ ਕੋਵਿਡ ਦੇ ਲੱਛਣ ਪਾਏ ਜਾਣ ਤੇ ਤੁਰੰਤ ਨੇੜਲੇ ਹਸਪਤਾਲ ਜਾ ਕੇ ਆਪਣਾ ਕੋਵਿਡ ਟੈਸਟ ਕਰਵਾਉਣ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ।