ਚੰਡੀਗੜ੍ਹ,ਸਤੰਬਰ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਜਿਸ ਮਗਰੋਂ ਹੁਣ ਕੌਮੀ ਖੁਰਾਕ ਸੁਰੱਖਿਆ ਐਕਟ ਦਾ ਅਨਾਜ ਪੰਜਾਬ ’ਚੋਂ ਕਿਸੇ ਵੀ ਡਿਪੂ ਤੋਂ ਲੈਣ ਦੀ ਖੁੱਲ੍ਹ ਹੋਵੇਗੀ। ਸੂਬੇ ’ਚ ਇਸ ਸਕੀਮ ਦੇ 1.41 ਕਰੋੜ ਲਾਭਪਾਤਰੀ ਹਨ। ਸਕੀਮ ਤੋਂ ਲਾਂਭੇ ਰਹਿਣ ਵਾਲੇ 9 ਲੱਖ ਲੋੜਵੰਦਾਂ ਨੂੰ ਸਰਕਾਰ ਸਬਸਿਡੀ ਵਾਲਾ ਰਾਸ਼ਨ ਦੇਵੇਗੀ। ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।
ਸਮਾਰਟ ਕਾਰਡ ਵੰਡ ਦੇ ਸਮਾਰੋਹਾਂ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਦੇ ਲਾਭਪਾਤਰੀਆਂ ਦੀ ਹੱਦ 1.41 ਕਰੋੜ ਤੈਅ ਕੀਤੀ ਹੈ ਜਦਕਿ ਪੰਜਾਬ ਸਰਕਾਰ ਨੇ ਜ਼ਿਆਦਾ ਲੋਕਾਂ ਨੂੰ ਇਸ ’ਚ ਸ਼ਾਮਲ ਕਰਨ ਦੀ ਅਪੀਲ ਕੀਤੀ ਸੀ ਪਰ ਕੇਂਦਰ ਨੇ ਊਸ ਨੂੰ ਠੁਕਰਾ ਦਿੱਤਾ। ਹੁਣ 9 ਲੱਖ ਲੋੜਵੰਦਾਂ ਨੂੰ ਸੂਬਾ ਸਰਕਾਰ ਨੇ ਰਾਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਵਿਚ ਅੱਜ 100 ਵੱਖੋ-ਵੱਖ ਥਾਵਾਂ ਉਤੇ ਵਰਚੁਅਲ ਢੰਗ ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖ਼ਰੀਦ ਕਰਨ ਦੀ ਖੁੱਲ੍ਹ ਹੋਵੇਗੀ। ਊਨ੍ਹਾਂ ਕਿਹਾ ਕਿ ਯੋਜਨਾ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਕੀਤਾ ਜਾਂਦਾ ਸ਼ੋਸ਼ਣ ਬੰਦ ਹੋਵੇਗਾ।