ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਆਪਣਾ 76ਵਾਂ ਸਥਾਪਨਾ ਦਿਵਸ ਮਨਾਇਆ

 

ਪਟਿਆਲਾ , ਸਤੰਬਰ 2020 -(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)-  ਸੋਮਵਾਰ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ 76ਵਾਂ ਸਥਾਪਨਾ ਦਿਵਸ ਮਨਾਇਆ ਤੇ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਲਗਾਤਾਰ ਗੁਰਮਿਤ ਪ੍ਰਚਾਰ ਮੁਹਿੰਮ ਨਿਰੰਤਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਨੌਵੇਂ ਪਾਤਸ਼ਾਹ ਦੇ ਪਵਿੱਤਰ ਅਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਹਰਭਜਨ ਸਿੰਘ ਕਸ਼ਮੀਰੀ, ਜਸਨਪ੍ਰੀਤ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸ ਐਕਡਮੀ ਸਮੇਤ ਹੋਰ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਫੈੱਡਰੇਸ਼ਨ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਤੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਹਮੇਸ਼ਾ ਹੱਕ ਤੇ ਸੱਚ ਲਈ ਸੰਘਰਸ਼ ਕੀਤਾ ਹੈ ਤੇ ਕਰਦੀ ਰਹੇਗੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫੈੱਡਰੇਸ਼ਨ 'ਚ ਸੰਪੂਰਨ ਏਕਤਾ ਕਰਵਾਉਣ ਲਈ ਪਹਿਲਕਦਮੀ ਕਰਦਿਆਂ ਪੱਤਰ ਦਿੱਤਾ। ਅੱਜ ਦੇ ਇਕੱਠ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਤਿੰਨ ਅਹਿਮ ਮਤੇ ਪਾਸ ਕਰਦਿਆਂ ਕੇਂਦਰ ਸਰਕਾਰ ਨੂੰ ਸਖਤ ਤਾੜਨਾ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਬਾਜ ਆਵੇ। ਪਹਿਲੇ ਮਤੇ ਰਾਹੀਂ ਪੰਜਾਬ ਦੀ ਧਰਤੀ 'ਤੇ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਗ੍ੰਥ ਸਹਿਬ ਜੀ ਦੇ 328 ਪਾਵਨ ਪਵਿੱਤਰ ਸਰੂਪਾ ਬਾਰੇ ਬਿਨਾਂ ਕਿਸੇ ਦੇਰੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਰੱਖਣ ਅਤੇ ਹੋਈਆਂ ਬੇਨਿਯਮੀਆਂ ਦੀ ਖੁੱਲੇ ਮਨ ਨਾਲ ਮਾਫੀ ਮੰਗਣ ਤੇ ਧਾਰਮਿਕ ਸਜਾ ਲਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਗੱਲ ਸਪਸ਼ਟ ਤੌਰ 'ਤੇ ਪ੍ਰਵਾਨ ਕਰਨੀ ਚਾਹੀਦੀ ਹੈ ਕਿ ਸ਼੍ਰੋਮਣੀ ਕਮੇਟੀ 'ਤੇ ਪਿਆ ਬੇਲੋੜਾ ਸਿਆਸੀ ਪ੍ਰਭਾਵ ਹੀ ਸਾਰੇ ਘਟਨਾਕ੍ਮ ਲਈ ਜਿੰਮੇਵਾਰ ਹੈ। ਮਤਾ ਨੰਬਰ ਦੋ ਵਿਚ ਦੇਸ਼ ਦੀਆ ਜੇਲ੍ਹਾਂ ਵਿਚ ਨਜ਼ਰਬੰਦ ਸਮੂਹ ਸਿੰਘ-ਸਿੰਘਣੀਆਂ ਦੀ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇ। ਮਤਾ ਨੰਬਰ ਤਿੰਨ ਵਿਚ ਕਿਸਾਨੀ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਪਾਸ ਕੀਤੇ ਪੰਜ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।