ਸਿੱਖ ਜਥੇਬੰਦੀਆਂ ਨੇ ਸੰਘਰਸ਼ ਭਖ਼ਾਇਆ, ਕਿਹਾ-ਐੱਫਆਈਆਰ ਕਰੋ, ਤਾਂ ਹਟੇਗਾ ਧਰਨਾ

ਸੂਬੇ ਭਰ ਤੋਂ ਪੰਥਕ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ 

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ/  ਮਨਜਿੰਦਰ ਗਿੱਲ )- ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਇੱਕ ਹੋਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਸਤਿਕਾਰ ਕਮੇਟੀਆਂ ਤੇ ਉਸ ਨਾਲ ਸਬੰਧਤ ਕੁਝ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਲਾਇਆ ਹੋਇਆ ਹੈ।  ਦਲ ਖਾਲਸਾ ਅਤੇ ਅਕਾਲੀ ਦਲ ਮਾਨ ਦੇ ਸੱਦੇ ’ਤੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜੇ ਹੋਏ ਸਨ। ਇਨ੍ਹਾਂ ਵਿੱਚ ਅਕਾਲੀ ਦਲ ਡੈਮੋਕਰੈਟਿਕ, ਯੂਨਾਈਟਡ ਅਕਾਲੀ ਦਲ, ਅਖੰਡ ਕੀਰਤਨੀ ਜਥਾ, ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਹਰਿਆਣਾ ਕਮੇਟੀ ਵੱਲੋਂ ਭਾਈ ਬਲਜੀਤ ਸਿੰਘ ਦਾਦੂਵਾਲ, ਜਾਗੋ ਪਾਰਟੀ, ਅਕਾਲੀ ਦਲ ਦਿੱਲੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨੁਮਾਇੰਦੇ ਸ਼ਾਮਲ ਸਨ। ਇਸ ਦੌਰਾਨ ਹੋਈ ਮੀਟਿੰਗ ਵਿੱਚ ਕੁਝ ਮਤੇ ਵੀ ਪਾਸ ਕੀਤੇ ਗਏ ਹਨ।  ਦਲ ਖਾਲਸਾ ਦੇ ਕੰਵਰਪਾਲ ਸਿੰਘ ਅਤੇ ਅਕਾਲੀ ਦਲ ਮਾਨ ਦੇ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ‘ਦੋਸ਼ੀ’ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਭਲਕੇ 18  ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਖਿਮਾ ਯਾਚਨਾ ਲਈ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਨੈਤਿਕ ਅਧਿਕਾਰ ’ਤੇ ਅਸਤੀਫੇ ਦੇ ਦੇਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਬਜਟ ਸਮਾਗਮ ਸਮੇਂ ਅੱਜ ਦੀ ਮੀਟਿੰਗ ਵਿਚ ਹਾਜ਼ਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਚਾਰੋਂ ਗੇਟਾਂ ਦੇ ਬਾਹਰ ਖੜ੍ਹੇ ਹੋਣਗੇ ਅਤੇ ਸਮਾਗਮ ਵਿਚ ਸ਼ਾਮਲ ਹੋਣ ਲਈ ਆਉਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਕੋਲੋਂ ਕੁਝ ਸਵਾਲਾਂ ਦੇ ਜਵਾਬ ਮੰਗੇ ਜਾਣਗੇ। ਟਾਸਕ ਫੋਰਸ ਵੱਲੋਂ ਕੀਤੀ ਗਈ ਕਾਰਵਾਈ ਦੀ ਨਿੰਦਾ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਸਮੇਤ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਅਤੇ ਇਨ੍ਹਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਈਸ਼ਰ ਸਿੰਘ ਵਲੋਂ ਪਾਵਨ ਸਰੂਪ ਮਾਮਲਿਆਂ ਦੀ ਕੀਤੀ ਗਈ ਜਾਂਚ ਦੀ 1000 ਪੰਨੇ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਅਤੇ ਇਸ ਦੀਆਂ ਮੂਲ ਕਾਪੀਆਂ ਸਿੱਖ ਜਥੇਬੰਦੀਆਂ ਨੂੰ ਦੇਣ ਦੀ ਮੰਗ ਕੀਤੀ ਹੈ। ਇਸੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ 22 ਸਤੰਬਰ  ਨੂੰ ਲੌਂਗੋਵਾਲ ਸਥਿਤ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਬਾਹਰ ਧਰਨਾ ਸ਼ੁਰੂ ਕੀਤਾ ਜਾਵੇਗਾ। ਉਸ ਮੌਕੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੇ ਘਰਾਂ ਅੱਗੇ ਧਰਨੇ ਦੇਣ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਵੀ ਸਮਰਥਨ ਕੀਤਾ।