ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸਨਅਤਕਾਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ

ਲੁਧਿਆਣਾ,ਸਤੰਬਰ 2020 ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਇੱਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਨਅਤੀ ਨੁਮਾਇੰਦਿਆਂ ਨਾਲ ਉਨ੍ਹਾਂ ਵੱਲੋਂ ਕੋਵਿਡ -19 ਦੇ ਚਲਦਿਆਂ ਇੰਡਸਟਰੀ ਨੂੰ ਚਲਾਉਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਅਤੇ ਕੋਵਿਡ -19 ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਕੁਮਾਰ ਅਗਰਵਾਲ, ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਵੀ ਨਾਲ ਸ਼ਾਮਿਲ ਸਨ। ਡਿਪਟੀ ਕਮਿਸ਼ਨਰ ਨੇ ਸਨਅਤਕਾਰਾਂ ਨਾਲ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਇੰਡਸਟਰੀ 'ਤੇ ਨਿਰਭਰ ਕਰਦੀ ਹੈ ਜਿਸ ਕਰਕੇ ਇੰਡਸਟਰੀ ਨੂੰ ਚਾਲੂ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕੋਵਿਡ ਦੀ ਮਹਾਂਮਾਰੀ ਦੌਰਾਨ ਲੁਧਿਆਣਾ ਸ਼ਹਿਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਇੰਡਸਟਰੀ ਨੇ ਪੰਜਾਬ ਸਰਕਾਰ ਦਾ ਸਾਥ ਦਿੱਤਾ ਜਿੱਥੇ ਵੀ ਕਿਸੇ ਕਿਸਮ ਦੀ ਲੋੜ ਮਹਿਸੂਸ ਕੀਤੀ ਗਈ ਉਹ ਇੰਡਸਟਰੀ ਦੁਆਰਾ ਪੂਰੀ ਕੀਤੀ ਗਈ ਚਾਹੇ ਉਹ ਮਾਸਕ/ਸੈਨੀਟਾਈਜ਼ਰ/ਪੀ.ਪੀ.ਕਿੱਟਾਂ ਆਦਿ  ਬਣਾਉਣ ਦਾ ਕੰਮ ਹੋਵੇ ਜਾਂ ਫਿਰ ਲੋਕਾਂ ਤੱਕ ਵਸਤੂਆਂ ਪਹੁੰਚਾਉਣ ਦਾ ਪੂਰੇ ਉਤਸ਼ਾਹ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਸਾਰਿਆਂ ਨੂੰ ਇਸ ਕਰੋਨਾ ਬਿਮਾਰੀ ਤੋਂ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਬਿਮਾਰੀ ਕਾਰਨ ਪਾਜੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰ ਦੀ ਖਪਤ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜਿਹੜੀ ਆਕਸੀਜਨ ਇੰਡਸਟਰੀ ਵਿੱਚ ਵਰਤੋਂ ਹੁੰਦੀ ਹੈ ਉਹ ਆਕਸੀਜਨ ਹਸਪਤਾਲ ਵਿੱਚ ਮਰੀਜ਼ਾਂ ਲਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਬਹੁਤ ਲੋੜ ਹੁੰਦੀ ਹੈ ਇਸ ਲਈ ਆਕਸੀਜਨ ਸਿਲੰਡਰ ਦੀ ਹਸਪਤਾਲ ਵਿੱਚ ਪਹੁੰਚਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਲੁਧਿਆਣਾ ਦੇ ਸਨਅਤਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੇ ਹਰ ਵੇਲੇ ਕੋਵਿਡ-19 ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ। ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਨਅਤਕਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਸਨਅਤਕਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ  ਤੁਹਾਡੇ ਅਧੀਨ ਤੁਹਾਡੀ ਇੰਡਸਟਰੀ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਕੋਵਿਡ ਟੈਸਟ ਜ਼ਰੂਰ ਸਮੇਂ-ਸਮੇਂ 'ਤੇ ਕਰਵਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। ਪੁਲਿਸ ਕਮਿਸ਼ਨਰ ਨੇ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਲੋਕਾਂ ਦਾ ਕੋਵਿਡ-19 ਦੇ ਟੈਸਟ ਕਰਵਾਉਣ ਸਬੰਧੀ  ਦ੍ਰਿਸ਼ਟੀਕੋਣ ਬਦਲਿਆ ਹੈ, ਹੁਣ ਪਹਿਲਾਂ ਨਾਲੋਂ ਵੱਧ ਲੋਕਾਂ ਵੱਲੋਂ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਸਨਅਤਕਾਰਾਂ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦਾ ਭਰਪੂਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ  ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ''ਮਿਸ਼ਨ ਫਤਿਹ'' ਨੂੰ ਕਾਮਯਾਬ ਕਰਕੇ ਕਰੋਨਾ ਦੀ ਮਹਾਂਮਾਰੀ 'ਤੇ ਫਤਿਹ ਹਾਸਿਲ ਕੀਤੀ ਜਾ ਸਕੇ।