ਨਵੀਂ ਦਿੱਲੀ, ਸਤੰਬਰ 2020 -(ਏਜੰਸੀ)- ਪਾਕਿਸਤਾਨ ਦੇ ਗੁਰਦੁਆਰੇ ਦੇ ਗ੍ੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਨਾਲ ਦਿੱਲੀ ਦੇ ਸਿੱਖਾਂ 'ਚ ਰੋਸ ਦੀ ਲਹਿਰ ਹੈ। ਉਨ੍ਹਾਂ ਨੇ ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀਆਂ ਦੀ ਸੁਰੱਖਿਆ 'ਤੇ ਚਿੰਤਾ ਪ੍ਰਗਟਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਤੋਂ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਦੀ ਮੰਗ ਕੀਤੀ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਅਹੁਦੇਦਾਰਾਂ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਅੱਗੇ ਇਹ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ 24 ਘੰਟਿਆਂ 'ਚ ਗ੍ੰਥੀ ਦੀ ਧੀ ਨਾ ਮਿਲੀ ਤਾਂ ਪਾਕਿਸਤਾਨ ਉੱਚ ਕਮਿਸ਼ਨ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਪਿਛਲੇ ਸਾਲ ਵੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ੰਥੀ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਦਾ ਧਰਮ ਬਦਲਾ ਕੇ ਨਿਕਾਹ ਕਰ ਦਿੱਤਾ ਗਿਆ ਸੀ। ਹੁਣ ਫਿਰ ਉੱਥੇ ਇਕ ਗ੍ੰਥੀ ਦੀ 17 ਸਾਲਾ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਪਾਕਿਸਤਾਨ ਹਿੰਦੂਆਂ ਤੇ ਸਿੱਖਾਂ ਲਈ ਬੇਹੱਦ ਖ਼ਤਰਨਾਕ ਹੋ ਗਿਆ ਹੈ। ਇੱਥੇ ਘੱਟ ਗਿਣਤੀਆਂ 'ਤੇ ਜ਼ੁਲਮ ਹੋ ਰਹੇ ਹਨ। ਗ੍ੰਥੀਆਂ ਦੀਆਂ ਧੀਆਂ ਨੂੰ ਅਗਵਾ ਕਰ ਕੇ ਧਰਮ ਤਬਦੀਲ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿਰਸਾ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਅਗਵਾ ਕੀਤੀ ਗਈ ਕੁੜੀ ਤੇ ਅਗਵਾ ਕੀਤੀ ਗਈ ਕੁੜੀ ਨੂੰ ਆਜ਼ਾਦ ਕਰਵਾਉਣ ਦੀ ਮੰਗ ਕੀਤੀ ਹੈ।