ਨਹਿਗ ਸਿੰਘ ਦੀ ਦਸਤਾਰ ਲੱਥਣ ਦੇ ਮਾਮਲੇ 'ਚ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਵਧੀਕ ਸਕੱਤਰ ਸਮੇਤ ਪੰਜ ਮੁਲਾਜ਼ਮ

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  ਨਿਹੰਗ ਸਿੰਘ ਦੀ ਦਸਤਾਰ ਲੱਥਣ ਦੇ ਮਾਮਲੇ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਪੰਜਾਂ ਪਿਆਰਿਆਂ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਸਮੇਤ ਪੰਜ ਮੁਲਾਜ਼ਮ ਪੇਸ਼ ਹੋਏ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋ ਰਹੇ ਅੰਮ੍ਰਿਤ ਸੰਚਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਸਮੇਤ ਪੰਜ ਮੁਲਾਜ਼ਮ ਪੇਸ਼ ਹੋਏ। ਪੰਜਾਂ ਪਿਆਰਿਆਂ ਅੱਗੇ ਪੇਸ਼ ਹੋ ਕੇ ਪ੍ਰਤਾਪ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਦੇ ਬਾਹਰ ਅਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਵਿਚਕਾਰ ਜੋ ਸਿੰਘਾਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਸੀ, ਉੱਥੇ ਕੁਝ ਨਿਹੰਗ ਸਿੰਘਾਂ ਵੱਲੋਂ ਖਲਲ ਪਾਈ ਗਈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਨੂੰ ਕਿਸੇ ਨੇ ਵੀ ਕੁਝ ਨਹੀਂ ਕਿਹਾ ਜਦਕਿ ਨਿਹੰਗ ਸਿੰਘਾਂ ਵੱਲੋਂ ਸੰਗਤ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਸੀ ਅਤੇ ਉਹਨਾਂ ਨੂੰ ਰੋਕਦੇ ਸਮੇਂ ਹੀ ਨਿਹੰਗ ਸਿੰਘ ਦੀ ਦਸਤਾਰ ਉਤਰ ਗਈ ਸੀ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਤੇ ਉਹ ਅੱਜ ਪੇਸ਼ ਹੋਏ ਹਨ। ਪੰਜਾਂ ਪਿਆਰਿਆਂ ਨੇ ਪ੍ਰਤਾਪ ਸਿੰਘ ਅਤੇ ਦੂਸਰੇ ਮੁਲਾਜ਼ਮਾਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਨ ਦੀ ਲਈ ਕਿਹਾ। ਜਿਸ ਤੇ ਉਨ੍ਹਾਂ ਨੇ ਇਸ ਸੇਵਾ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਅਤੇ ਅਰਦਾਸ ਕਰਵਾ ਕੇ ਖਿਮਾ ਜਾਚਨਾ ਕੀਤੀ।