ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਤੇ ਬਲਾਕ ਪੱਧਰ ਤੇ ਨੋਡਲ ਅਫਸਰ ਨਿਯੁਕਤ

ਲੁਧਿਆਣਾ, ਸਤੰਬਰ 2020 - ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)-- ਪੰਜਾਬ ਸਰਕਾਰ ਵੱਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਤੇ ਬਲਾਕ ਪੱਧਰ ਤੇ ਨੋਡਲ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਅਮਰਜੀਤ ਸਿੰਘ ਬੈਂਸ (ਪੀ.ਸੀ.ਐਸ.) ਵਧੀਕ ਕਮਿਸ਼ਨਰ ਲੁਧਿਆਣਾ ਨੂੰ ਬਤੌਰ ਨੋਡਲ ਅਫਸਰ ਅਤੇ ਸ੍ਰੀ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੂੰ ਸਹਾਇਕ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਇਹਨਾਂ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਅਤੇ ਰਜਿਸਟਰਾਰ ਕੋਅਪਰੇਟਿਵ ਸੁਸਾਇਟੀ, ਲੁਧਿਆਣਾ ਨੂੰ ਵੀ ਕੰਮ ਕਰਨ ਲਈ ਬਤੌਰ ਸਹਾਇਕ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਬਲਾਕ ਪੱਧਰ ਤੇ ਸਬੰਧਤ ਬੀ.ਡੀ.ਪੀ.ਓ. ਨੂੰ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ, ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨਾੜ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਬਾਰੇ ਤਸਦੀਕ ਕਰਨ ਉਪਰੰਤ ਰਿਪੋਰਟ ਕਰਨਗੇ।ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੋਏ ਹੁਕਮ ਦੀ ਪਾਲਣਾ ਵਿਚ ਅਤੇ ਪ੍ਰਮੁੱਖ ਸਕੱਤਰ ਖੇਤੀਬਾੜੀ, ਪੰਜਾਬ, ਚੰਡੀਗੜ੍ਹ ਜੀ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਮੈਨ, ਡਿਪਟੀ ਕਮਿਸ਼ਨਰ ਆਫ ਪੁਲਿਸ ਲੁਧਿਆਣਾ, ਜ਼ਿਲ੍ਹਾ ਪੁਲੀਸ ਮੁਖੀ ਖੰਨਾ ਅਤੇ ਲੁਧਿਆਣਾ ਦਿਹਾਤੀ, ਵਧੀਕ ਡਿਪਟੀ ਕਮਿਸ਼ਨਰ (ਜ) ਲੁਧਿਆਣਾ ਖੰਨਾ ਜਗਰਾਓਂ, ਵਧੀਕ ਡਿਪਟੀ ਕਮਿਸ਼ਨਰ (ਵ),ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਮਾਲ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਾਮਿਲ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ਤੇ ਗਠਿਤ ਕੀਤੀ ਗਈ ਕਮੇਟੀ ਹਫਤੇ ਵਿਚ ਇਕ ਜਾਂ ਦੋ ਵਾਰ ਮੀਟਿੰਗ ਕਰੇਗੀ ਅਤੇ ਇਸ ਮੀਟਿੰਗ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਸਬੰਧੀ ਵੱਖ-ਵੱਖ ਟੀਮਾਂ/ਵਿਭਾਗਾਂ ਵੱਲੋਂ ਕੀਤੇ ਗਏ ਐਕਸ਼ਨ ਦਾ ਰੀਵੀਓ ਕਰੇਗੀ ਅਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਏਗੀ।