ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹਰਕਾਂ/ਮਨਜਿੰਦਰ ਗਿੱਲ) - ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬਦਲੇ ਹੋਏ ਪ੍ਰੋਗਰਾਮ ਤਹਿਤ ਹੁਣ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ 4 ਅਕਤੂਬਰ ਨੂੰ ਕਰਨ ਜਾ ਰਹੇ ਹਨ। ਜਿਸ ਦੌਰਾਨ ਉਹ 4 ਅਕਤੂਬਰ ਨੂੰ ਬਾਅਦ ਦੁਪਹਿਰ ਕਰੀਬੀ ਪਿੰਡ ਜੱਟਪੁਰਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ।ਪਿੰਡ ਜੱਟਪੁਰਾ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲੋਕਸਭਾ ਮੈਂਬਰ ਡਾ. ਅਮਰ ਸਿੰਘ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਡੀ.ਜੀ.ਪੀ ਦਿਨਕਰ ਗੁਪਤਾ, ਆਈ.ਜੀ ਨੌਨਿਹਾਲ ਸਿੰਘ ਅਤੇ ਐਸ.ਐਸ.ਪੀ ਲੁਧਿਆਣਾ (ਦਿਹਾਤੀ) ਚਰਨਜੀਤ ਸਿੰਘ ਪਿੰਡ ਜੱਟਪੁਰਾ ਵਿਖੇ ਪੁੱਜੇ ਅਤੇ 4 ਅਕਤੂਬਰ ਨੂੰ ਹੋਣ ਵਾਲੀ ਇਸ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ ਰਾਹੁਲ ਗਾਂਧੀ ਆਪਣੇ ਤਿੰਨ ਰੋਜ਼ਾ ਦੌਰੇ 'ਤੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਵਿੱਚ ਆ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਦੀ ਸ਼ੁਰੂਆਤ 4 ਅਕਤੂਬਰ ਨੂੰ ਜ਼ਿਲ੍ਹਾ ਮੋਗਾ ਤੋਂ ਹੋਵੇਗੀ, ਜਿੱਥੇ ਉਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਸੋਧ ਬਿੱਲਾਂ ਦੇ ਵਿਰੋਧ 'ਚ ਕਸਬਾ ਬੱਧਨੀ ਤੋਂ ਕਿਸਾਨਾਂ ਦੇ ਹੱਕ ਵਿੱਚ ਇਕ ਟ੍ਰੈਕਟਰ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ ਅਤੇ ਵੱਖ ਵੱਖ ਪਿੰਡਾਂ ਵਿੱਚੋਂ ਲੰਘਦੇ ਹੋਏ ਦੁਪਹਿਰ ਬਾਅਦ ਉਹ ਪਿੰਡ ਜੱਟਪੁਰਾ ਵਿਖੇ ਪੁੱਜਣਗੇ, ਜਿੱਥੇ ਉਹ ਅਨਾਜ ਮੰਡੀ ਵਿੱਚ ਇਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹੋਣਗੇ।ਇਸ ਮੌਕੇ ਡਾ. ਅਮਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੀਤੀ ਜਾ ਰਹੀ ਇਸ ਰੈਲੀ ਵਿੱਚ ਵੱਡੀ ਗਿਣਤੀ 'ਚ ਪੁੱਜਣ। ਇਸ ਮੌਕੇ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਯੂਥ ਆਗੂ ਕਾਮਿਲ ਬੋਪਾਰਾਏ, ਚੇਅਰਮੈਨ ਪ੍ਰਸ਼ੋਤਮ ਖਲੀਫ਼ਾ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਭਦੀਪ ਸਿੰਘ ਨਾਰੰਗ ਵਾਲ, ਯੂਥ ਪ੍ਰਧਾਨ ਨਵਰਾਜ ਸਿੰਘ, ਬਲਜੀਤ ਸਿੰਘ ਹਲਵਾਰਾ, ਸੰਦੀਪ ਸਿੰਘ ਸਿੱਧੂ, ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।