ਬੀਕੇਯੂ ਲੱਖੋਵਾਲ ਵੱਲੋਂ ਖੇਤੀ ਬਿਲਾਂ ਖਿਲਾਫ਼ ਸੁਪਰੀਮ ਕੋਰਟ ’ਚ ਦਰਖ਼ਾਸਤ

ਨਵੀਂ ਦਿੱਲੀ/ ਚੰਡੀਗੜ੍ਹ ,  ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਐਡਵੋਕੇਟ ਜੀ.ਐੱਸ ਘੁੰਮਣ ਤੇ ਜੀ.ਪੀ.ਐੱਸ ਘੁੰਮਣ (ਘੁੰਮਣ ਬ੍ਰਦਰਜ਼) ਰਾਹੀਂ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਕਿ ਇਹ ਤਿੰਨੇ ਖੇਤੀ ਕਾਨੂੰਨ ਮੁੱਢੋਂ ਹੀ ਖਾਰਜ ਕੀਤੇ ਜਾਣ ਅਤੇ ਜਦੋਂ ਤੱਕ ਕੋਈ ਅੰਤਿਮ ਫੈਸਲਾ ਨਹੀਂ ਆ ਜਾਂਦਾ ਉਦੋਂ ਤੱਕ ਇਨ੍ਹਾਂ ਕਾਨੂੰਨਾਂ ’ਤੇ ਸਟੇਅ ਆਰਡਰ ਜਾਰੀ ਕੀਤੇ ਜਾਣ। ਬੀਕੇਯੂ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਦੇਸ਼ ਤੇ ਕਿਸਾਨ ਮਾਰੂ ਬਿੱਲਾਂ ਖਿਲਾਫ਼ ਦੇਸ਼ ਦੀ ਸੁਪਰੀਮ ਕੋਰਟ ਵਿੱਚ ਅੱਜ ਰਿੱਟ ਪਟੀਸ਼ਨ ਦਾਖਲ ਕੀਤੀ ਗਈ ਹੈ ਤਾਂ ਜੋ ਦੇਸ਼ ਦੀ ਸੁਤੰਤਰਤਾ, ਦੇਸ਼ ਦੇ ਕਿਸਾਨ, ਖਪਤਕਾਰ, ਮਜ਼ਦੂਰ, ਆੜ੍ਹਤੀਏ, ਦੁਕਾਨਦਾਰ ਤੇ ਛੋਟੇ ਵਪਾਰੀ ਨੂੰ ਸਰਕਾਰ ਦੇ ਇਸ ਮਾਰੂ ਫੈਸਲਿਆਂ ਤੋਂ ਬਚਾਇਆ ਜਾ ਸਕੇ।