ਚੰਡੀਗੜ੍ਹ , ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਸਰਕਾਰ ਨੂੰ ਆਰਬੀਆਈ ਨੇ 30220 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀਸੀਐੱਲ) ਜਾਰੀ ਕਰ ਦਿੱਤੀ ਹੈ। ਸਾਲ 2020-21 ਦੀ ਝੋਨੇ ਦੀ ਖ਼ਰੀਦ ਲਈ ਸਰਕਾਰ ਨੇ ਆਰਬੀਆਈ ਤੋਂ 35500 ਕਰੋੜ ਰੁਪਏ ਦੀ ਸੀਸੀਐੱਲ ਮੰਗੀ ਹੋਈ ਹੈ। ਅਕਤੂਬਰ ਮਹੀਨੇ ਵਿਚ ਝੋਨੇ ਦੀ ਖ਼ਰੀਦ ਲਈ ਕੇਂਦਰ ਸਰਕਾਰ ਨੇ 30220.82 ਕਰੋੜ ਰੁਪਏ ਦੀ ਸੀਸੀਐੱਲ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬਾਕੀ ਰਾਸ਼ੀ ਨਵੰਬਰ ਮਹੀਨੇ ਵਿਚ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ 72 ਘੰਟਿਆਂ ਦੇ ਅੰਦਰ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਕ 15.6 ਲੱਖ ਟਨ ਝੋਨੇ ਦੀ ਖ਼ਰੀਦ ਸਰਕਾਰੀ ਏਜੰਸੀਆਂ ਵੱਲੋਂ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 27.36 ਲੱਖ ਏਕੜ ਵਿਚ ਲਾਏ ਗਏ ਝੋਨੇ ਵਿਚ 171 ਲੱਖ ਟਨ ਪੈਦਾਵਾਰ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 26 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਸੀ। ਕੋਰੋਨਾ ਦੇ ਮੱਦੇਨਜ਼ਰ ਮੰਡੀ ਬੋਰਡ ਨੇ 4000 ਖ਼ਰੀਦ ਕੇਂਦਰ ਬਣਾਏ ਹਨ।