ਨਵੀਂ ਦਿੱਲੀ ,ਅਕਤੂਬਰ 2020 -(ਏਜੰਸੀ ) ਦਿੱਲੀ ਹਾਈ ਕੋਰਟ ਵੱਲੋਂ ਅੱਜ ਦਿੱਲੀ ਗੁਰਦੁਆਰਾ ਐਕਟ-1971 ਤਹਿਤ ਸਮੇਂ ’ਤੇ ਚੋਣਾਂ ਕਰਵਾਉਣ ਦਾ ਹੁਕਮ ਸੁਣਾਇਆ ਗਿਆ। ਜੱਜ ਜੈਅੰਤਨਾਥ ਵੱਲੋਂ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੇ ਡਾਇਰੈਕਟਰ ਨੂੰ ਗੁਰਦੁਆਰਾ ਐਕਟ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੁਰਾਣੀ ਵੋਟਰ ਸੂਚੀ ਵਿੱਚ ਹੀ ਸੁਧਾਈ ਕਰਦਿਆਂ ਨਵੀਆਂ ਵੋਟਾਂ ਜੋੜ ਕੇ ਸਮੇਂ ਸਿਰ ਚੋਣਾਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਦਿੱਲੀ ਸਰਕਾਰ ਵੱਲੋਂ ਹਾਜ਼ਰ ਵਕੀਲ ਸੱਤਿਅਤਾਕਾਮ ਵੱਲੋਂ ਦਲੀਲ ਦਿੱਤੀ ਗਈ ਕਿ ਕਰੋਨਾ ਕਾਰਨ ਸਰਕਾਰ ਕੋਲ ਨਵੀਆਂ ਵੋਟਰ ਸੂਚੀਆਂ ਬਣਾਉਣ ਲਈ ਸਮੇਂ ਦੀ ਘਾਟ ਹੈ। ਇਸ ਫ਼ੈਸਲੇ ਮਗਰੋਂ ਹੁਣ ਮਾਰਚ 2021 ਵਿੱਚ ਕਮੇਟੀ ਦੀਆਂ ਚੋਣਾਂ ਹੋ ਸਕਣਗੀਆਂ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਹੋਰ ਧਿਰਾਂ ਵੱਲੋਂ ਪਟੀਸ਼ਨ ਪਾਈ ਗਈ ਸੀ। 18 ਸਤੰਬਰ 2020 ਨੂੰ ਅਦਾਲਤ ਨੇ ਸਾਰੀਆਂ ਧਿਰਾਂ ਦੇ ਪੱਖ ਸੁਣ ਕੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ।