ਬਾਦਲ ਪਰਿਵਾਰ ਨੇ ਨਿੱਜੀ ਹਿੱਤਾਂ ਲਈ ਕੀਤਾ ਸਿੱਖ ਪੰਥ ਦਾ ਘਾਣ

ਜਦੋਂ ਆਰਡੀਨੈਂਸ ਲੋਕ ਸਭਾ 'ਚ ਪੇਸ਼ ਕੀਤੇ ਗਏ ਸਨ ਤਾਂ ਉਸ ਸਮੇਂ ਰਾਹੁਲ ਗਾਂਧੀ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ  - ਪਰਮਿੰਦਰ ਸਿੰਘ ਢੀਂਡਸਾ

 ਰਾਏਕੋਟ /ਲੁਧਿਆਣਾ, ਅਕਤੂਬਰ 2020 -(ਗੁਰਸੇਵਕ ਸੋਹੀ/ਇਕ਼ਬਾਲ ਸਿੰਘ ਸਿੱਧੂ)-

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਲਈ ਕੌਮ ਅਤੇ ਸਿੱਖ ਪੰਥ ਦਾ ਘਾਣ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਟਿਕ) ਦੇ ਸੀਨੀਅਰ ਆਗੂ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੀਤੀ ਗਈ ਵਰਕਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਗੀਰ ਸਮਝਦਿਆਂ ਆਪਣੇ ਮੁਫ਼ਾਦਾਂ ਨੂੰ ਅੱਗੇ ਰੱਖ ਕੇ ਪਾਰਟੀ ਲਈ ਸਾਰਾ ਜੀਵਨ ਲੇਖੇ ਲਾਉਣ ਵਾਲੇ ਟਕਸਾਲੀਆਂ ਨੂੰ ਦਰਕਿਨਾਰ ਕੀਤਾ ਹੈ ਤੇ ਆਪਣੇ ਚਾਪਲੂਸਾਂ ਨੂੰ ਚੋਣਾਂ ਸਮੇਂ ਟਿਕਟਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸਮੇਂ ਤੋਂ ਹੀ ਆਗੂਆਂ ਨੇ ਪੰਥ ਤੇ ਸਿੱਖ ਕੌਮ ਦੇ ਵਡੇਰੇ ਹਿੱਤਾਂ ਲਈ ਕੁਰਬਾਨੀਆਂ ਦੇ ਕੇ ਅਕਾਲੀ ਦਲ ਦੀ ਪ੍ਰੰਪਰਾ ਨੂੰ ਕਾਇਮ ਰੱਖਿਆ ਸੀ ਪਰ ਹੁਣ ਬਾਦਲ ਪਰਿਵਾਰ ਨੇ ਅਕਾਲੀ ਦਲ ਦੀ ਸੋਚ ਤੇ ਪ੍ਰੰਪਰਾਵਾਂ ਨੂੰ ਬਿਲਕੁਲ ਖ਼ਤਮ ਕਰ ਦਿੱਤਾ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਟਿਕ) ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਪਰਿਵਾਰ ਨੂੰ ਲਾਂਭੇ ਕਰ ਕੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ, ਸਿੱਖ ਕੌਮ ਅਤੇ ਪੰਥ ਨੂੰ ਬਚਾਇਆ ਜਾ ਸਕਦਾ ਹੈ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਆਰਡੀਨੈਂਸ ਲੋਕ ਸਭਾ 'ਚ ਪੇਸ਼ ਕੀਤੇ ਗਏ ਸਨ ਤਾਂ ਉਸ ਸਮੇਂ ਰਾਹੁਲ ਗਾਂਧੀ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ ਪਰ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਪੰਜਾਬ 'ਚ ਟ੍ਰੈਕਟਰ ਰੈਲੀ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ 'ਚ ਸਭ ਤੋਂ ਪਹਿਲਾਂ ਆਰਡੀਂਨੈਂਸਾਂ ਖ਼ਿਲਾਫ਼ ਅਵਾਜ਼ ਬੁਲੰਦ ਕੀਤੀ ਗਈ, ਉੱਥੇ ਹੁਣ ਵੀ ਪਾਰਟੀ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਨਿਧੜਕ ਸਿੰਘ ਬਰਾੜ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ , ਮਨਪ੍ਰੀਤ ਸਿੰਘ ਤਲਵੰਡੀ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਤਿੰਨ ਦਰਜਨ ਦੇ ਕਰੀਬ ਵਰਕਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ 'ਚ ਅਕਾਲੀ ਦਲ ਡੈਮੋਕ੍ਟਿਕ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਪਰਮਿੰਦਰ ਸਿੰਘ ਢੀਂਡਸਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।