ਇਸਲਾਮਾਬਾਦ , ਅਕਤੂਬਰ 2020 -(ਏਜੰਸੀ )
ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਰਤ ਰਹਿੰਦੇ ਸਿੱਖ ਸ਼ਰਧਾਲੂਆਂ ਨੂੰ ਪਾਕਿ ਆਉਣ ਦਾ ਸੱਦਾ ਦਿੱਤਾ ਹੈ।
ਪ੍ਰਕਾਸ਼ ਪੁਰਬ 'ਤੇ ਤਿੰਨ ਰੋਜ਼ਾ ਸਮਾਗਮ 27 ਨਵੰਬਰ ਤੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ। ਹਰ ਸਾਲ ਭਾਰਤ ਤੇ ਵਿਦੇਸ਼ਾਂ ਤੋਂ ਭਾਰੀ ਗਿਣਤੀ ਵਿਚ ਸਿੱਖ ਸ਼ਰਧਾਲੂ ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਪੁੱਜਦੇ ਹਨ ਪ੍ਰੰਤੂ ਇਸ ਵਾਰ ਕੋਰੋਨਾ ਕਾਰਨ ਇਨ੍ਹਾਂ ਸਮਾਗਮਾਂ ਵਿਚ ਘੱਟ ਸ਼ਰਧਾਲੂਆਂ ਦੇ ਪੁੱਜਣ ਦੀ ਸੰਭਾਵਨਾ ਹੈ।
'ਐਕਸਪ੍ਰੈੱਸ ਟਿ੍ਬਿਊਨ' ਅਨੁਸਾਰ ਭਾਰਤੀ ਸ਼ਰਧਾਲੂਆਂ ਨੂੰ ਇਸ ਵਾਰ ਪੰਜ ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ ਤੇ ਉਨ੍ਹਾਂ ਲਈ ਕੋਰੋਨਾ ਟੈਸਟ ਨੈਗੇਟਿਵ ਦਾ ਸਰਟੀਫਿਕੇਟ ਨਾਲ ਲੈ ਕੇ ਆਉਣਾ ਜ਼ਰੂਰੀ ਹੈ। ਇਸ ਦੌਰਾਨ ਓਕਾਫ ਬੋਰਡ ਨੇ ਵੀ ਪ੍ਰਕਾਸ਼ ਪੁਰਬ 'ਤੇ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ।