ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਸ਼ਤਾਬਦੀ
ਅੰਮ੍ਰਿਤਸਰ,ਨਵੰਬਰ 2020 - (ਜਸਮੇਲ ਗਾਲਿਬ / ਮਨਜਿੰਦਰ ਗਿੱਲ )-
ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਹੋ ਰਹੇ ਯਤਨਾਂ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇਸ ਮੁੱਦੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਬਰਾਬਰੀ ਅਤੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਤਖਤਾਂ ਦੇ ਜਥੇਦਾਰ, ਸਾਬਕਾ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ, ਮੈਂਬਰ, ਅਕਾਲੀ ਆਗੂ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੁੱਖ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਹੋਂਦ ਵਿਚ ਆਉਣ ਤੋਂ ਬਾਅਦ ਹੁਣ ਤਕ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਦੇ ਸਿਧਾਂਤਾਂ ਨੂੰ ਅੱਜ ਵੀ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ ਆਖਿਆ ਕਿ ਉਹ ਅੱਜ ਪ੍ਰਣ ਕਰਨ ਕਿ ਸੌ ਸਾਲ ਪੁਰਾਣੀ ਇਸ ਸਿੱਖ ਸੰਸਥਾ ਦੀ ਹੋਂਦ ਨੂੰ ਕਾਇਮ ਰੱਖਣ ਲਈ ਉਹ ਇਸ ਦੀਆਂ ਬਾਹਾਂ ਬਣਨਗੇ। ਉਨ੍ਹਾਂ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਸ਼੍ਰੋਮਣੀ ਕਮੇਟੀ ’ਤੇ ਹੋ ਰਹੇ ਹਮਲਿਆਂ ਤੋਂ ਬਚਾਅ ਲਈ ਸਿੱਖ ਕੌਮ ਨੂੰ ਸ਼ੇਰ ਬਿਰਤੀ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਗੇਟਾਂ ਨੂੰ ਤਾਲੇ ਮਾਰਨ, ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਧਰਨੇ ਦੇਣ ਅਤੇ ਕਿਰਪਾਨਾਂ ਲਹਿਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮਲਾ ਕਰਨ ਵਾਲਿਆਂ ਦੀ ਥਾਂ ਹਮਲਾ ਕਰਾਉਣ ਵਾਲਿਆਂ ਦੀ ਪਛਾਣ ਕਰੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਦਾ ਪੁੱਤਰ ਆਖਦਿਆਂ ਕਿਹਾ ਕਿ ਜੇਕਰ ਕੋਈ ਮੁੜ ਮਾਂ ’ਤੇ ਹਮਲਾ ਕਰਨ ਦਾ ਯਤਨ ਕਰਦਾ ਹੈ ਤਾਂ ਪੁੱਤਰ ਹਮਲੇ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਕਿ ਉਹ ਅਗਲੇ ਮਹੀਨੇ ਦਸੰਬਰ ਵਿਚ ਜਥੇਬੰਦੀ ਦਾ ਸੌ ਸਾਲ ਮਨਾਉਣ ਜਾ ਰਹੇ ਹਨ। ਇਸ ਲਈ ਜਥੇਬੰਦੀ ਦਾ ਪੁਰਾਤਨ ਪੰਥਕ ਸਰੂਪ ਧਾਰਨ ਕਰਨ ਦਾ ਪ੍ਰਣ ਕਰਨ। 328 ਪਾਵਨ ਸਰੂਪ ਮਾਮਲੇ ਵਿਚ ਉਨ੍ਹਾਂ ਮੁੜ ਆਖਿਆ ਕਿ ਇਹ ਧਾਰਮਿਕ ਮਾਮਲਾ ਨਹੀਂ ਸਗੋਂ ਭ੍ਰਿਸ਼ਟਾਚਾਰ ਅਤੇ ਫੰਡਾਂ ਦੀ ਹੇਰਾਫੇਰੀ ਦਾ ਮਾਮਲਾ ਹੈ। ਇਸ ਸਬੰਧ ਵਿਚ ਸਵਾਲ ਕਰਨ ਵਾਲਿਆਂ ਦਾ ਢੰਗ ਤਰੀਕਾ ਠੀਕ ਹੋਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ਤਾਬਦੀ ਵਰ੍ਹੇ ਦੀ ਵਧਾਈ ਦਿੰਦਿਆਂ ਆਖਿਆ ਕਿ ਇਕ ਵਾਰ ਮੁੜ ਸਿੱਖ ਸ਼ਕਤੀ ਦੇ ਸਰੋਤਾਂ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਸਿੱਖ ਕੌਮ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਆਖਿਆ ਕਿ ਅੱਜ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਬਰਾਬਰੀ ਅਤੇ ਮਾਣ ਸਤਿਕਾਰ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਇਸ ਸਬੰਧੀ ਠੋਸ ਅਤੇ ਭਰੋਸੇਯੋਗ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨੀ ਨੂੰ ਬਚਾਉਣ, ਪਤਿਤਪੁਣਾ ਤੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ 5 ਸਾਲਾ ਮਿਸ਼ਨ ਸ਼ੁਰੂ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸਿੱਖ ਕੌਮ ਦੀ ਅਹਿਮ ਪ੍ਰਾਪਤੀ ਦੱਸਦਿਆਂ ਕਿਹਾ ਕਿ ਮੁਗਲ ਕਾਲ ਤੋਂ ਲੈ ਕੇ ਦੇਸ਼ ਵੰਡ ਤੋਂ ਬਾਅਦ ਤਕ ਸਿੱਖ ਸ਼ਕਤੀ ਦੇ ਸਰੋਤਾਂ ਨੂੰ ਢਾਹ ਲਾਉਣ ਦਾ ਯਤਨ ਜਾਰੀ ਹੈ। ਉਨ੍ਹਾਂ ਇਸ ਮਾਮਲੇ ਵਿਚ 1984 ਵਿਚ ਗੁਰਧਾਮਾਂ ’ਤੇ ਕੀਤੇ ਫੌਜੀ ਹਮਲੇ ਅਤੇ ਨਵੰਬਰ 1984 ਸਿੱਖ ਕਤਲੇਆਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਪ੍ਰਾਪਤੀ ਦਾ ਮੌਕਾ ਮਿਲਿਆ ਤਾਂ ਹਰੇਕ ਲਈ ਵਿਦਿਆ ਤੇ ਸਿਹਤ ਸੇਵਾਵਾਂ ਦੇ ਬਰਾਬਰ ਹੱਕ, ਵਾਤਾਵਰਣ ਸੰਭਾਲ ਅਤੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨਾ ਤਰਜੀਹੀ ਕੰਮ ਹੋਣਗੇ।
ਸਮਾਗਮ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਨਿਹੰਗ ਜਥੇਬੰਦੀਆਂ ਵਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ । ਇਸ ਮੌਕੇ ਪ੍ਰਮੁਖ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨੂੰ ਦਰਸਾਉਂਦੀ ਇਕ ਚਿੱਤਰ ਪ੍ਰਦਰਸ਼ਨੀ ਵੀ ਲਾਈ ਗਈ ਸੀ। ਸਥਾਪਨਾ ਦਿਵਸ ਦੀ ਖੁਸ਼ੀ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਹੋਰ ਕਈ ਥਾਵਾਂ ’ਤੇ ਸੰਗਤ ਵਲੋਂ ਜਲੇਬੀਆਂ ਦੇ ਲੰਗਰ ਵੀ ਲਾਏ ਗਏ।