107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਦਿਹਾਤੀ ਇਲਾਕਿਆਂ ਵਿਚ ਮਰੀਜ਼ਾਂ ਨੂੰ ਉਨ੍ਹਾਂ ਦੇ ਦਰਵਾਜ਼ੇ' ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ, ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ

ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾਂ ਹੀ 174 ਸਿਹਤ ਕੇਂਦਰ ਚੱਲ ਰਹੇ ਹਨ

ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਨਿਭਾਉਣਗੇ ਅਹਿਮ ਭੂਮਿਕਾ - ਵਿਧਾਇਕ ਰਾਕੇਸ ਪਾਂਡੇ ਤੇ ਸੁਰਿੰਦਰ ਡਾਵਰ

ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

ਲੁਧਿਆਣਾ, ਨਵੰਬਰ 2020 ( ਸਤਪਾਲ ਦੇਹਡ਼ਕਾ/ ਮਨਜਿੰਦਰ ਗਿੱਲ   ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਸ਼ੇਸ਼ ਤੌਰ 'ਤੇ ਦਿਹਾਤੀ ਇਲਾਕਿਆਂ ਵਿਚ ਮਰੀਜ਼ਾਂ ਨੂੰ ਉਨ੍ਹਾਂ ਦੇ ਦਰਵਾਜ਼ੇ' ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ, ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾਂ ਹੀ 174 ਸਿਹਤ ਕੇਂਦਰ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਦੇ ਮਜਬੂਤ ਨੈਟਵਰਕ 'ਤੇ ਭਰੋਸਾ  ਜ਼ਾਹਰ ਕਰਦਿਆਂ ਡਾਕਟਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਨਵੇਂ ਤੰਦਰੁਸਤ ਪੰਜਾਬ ਸਿਹਤ ਕੇਂਦਰ  ਪੰਜਾਬ ਦੇ ਬੁਨਿਆਦੀ ਸਿਹਤ ਢਾਂਚੇ ਨੂੰ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਤੋ ਬਚਾਅ ਕਰਕੇ ਇਕ ਨਵੇਂ ਪੱਧਰ 'ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਭਰ ਵਿੱਚ ਸਿਹਤ ਸਹੂਲਤਾਂ ਨੂੰ ਵਧਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਵਿਧਾਇਕ ਰਾਕੇਸ਼ ਪਾਂਡੇ ਅਤੇ ਸ੍ਰੀ ਸੁਰਿੰਦਰ ਡਾਵਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਘੰਭੀਰ ਚੁਣੌਤੀਆਂ ਨੂੰ ਦੂਰ ਕਰਨ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਰਿਸ਼ਟ-ਪੁਸ਼ਟ ਬਣਾਇਆ ਜਾ ਸਕੇ।ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਇਹ ਬੜੀ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਹੈ ਕਿ ਅਗਸਤ, 2020 ਵਿਚ ਭਾਰਤ ਸਰਕਾਰ ਦੁਆਰਾ ਜਾਰੀ ਰਾਜਾਂ ਦੀ ਰੈਂਕਿੰਗ ਵਿਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸੰਚਾਲਨ ਵਿਚ ਪੰਜਾਬ ਨੂੰ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ। ਸਾਲ 2020-21 (142% ਪ੍ਰਾਪਤੀ) ਲਈ ਭਾਰਤ ਸਰਕਾਰ ਦੁਆਰਾ ਦਿੱਤੇ ਟੀਚੇ ਨੂੰ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ।ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀ ਟੀਮ ਵਿੱਚ ਕਮਿਊਨਿਟੀ ਸਿਹਤ ਅਧਿਕਾਰੀ (ਸੀ.ਐਚ.ਓ), ਮਲਟੀਪਰਪਜ਼ ਵਰਕਰ (ਮਰਦ ਅਤੇ ਔਰਤ) ਅਤੇ ਆਸ਼ਾ ਵਰਕਰ ਸ਼ਾਮਲ ਹਨ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਕੇਂਦਰਾਂ 'ਤੇ 1607 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਜਨਵਰੀ, 2021 ਤੱਕ ਸੂਬੇ ਵਿਚ 800 ਸੀ.ਐਚ.ਓਜ਼ ਹੋਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2046 ਤੰਦਰੁਸਤ ਪੰਜਾਬ ਸਿਹਤ ਕੇਂਦਰ ਸੁਰੂ ਕੀਤੇ ਜਾ ਚੁੱਕੇ ਹਨ। 

ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਇਸ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਮਾਰਚ, 2020 ਦੌਰਾਨ ਪੇਂਡੂ ਖੇਤਰਾਂ ਵਿੱਚ ਲੋਕਾਂ ਲਈ ਡਾਕਟਰੀ ਸੇਵਾਵਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਾਰੇ ਸਬ ਸੈਂਟਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰ ਰਹੀ ਹੈ ਤਾਂ ਜੋ ਖਾਸ ਕਰਕੇ ਪਿੰਡਾਂ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ 'ਤੇ 27 ਦਵਾਈਆਂ ਅਤੇ 6 ਡਾਇਗਨੌਸਟਿਕ ਟੈਸਟ ਮੁਫਤ ਉਪਲਬਧ ਹਨ।ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਕੋਵਿਡ-19 ਮਹਾਂਮਾਰੀ ਲੌਕਡਾਉਨ ਦੌਰਾਨ ਛੁੱਟੀਆਂ ਸਮੇਤ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸਾਰੇ ਦਿਨ ਖੁੱਲ੍ਹੇ ਸਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਮਿਊਨਿਟੀ ਸਿਹਤ ਅਧਿਕਾਰੀਆਂ ਵੱਲੋਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਜਿਸ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਨਮੂਨੇ, ਕੋਵਿਡ-19 ਪੋਜ਼ਟਿਵ ਮਰੀਜ਼ਾਂ ਦੀ ਨਿਯਮਤ ਮੁਲਾਕਾਤ, ਘਰ ਵਿਚ ਇਕਾਂਤਵਾਸ ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਦੀ ਭਾਲ, ਤੰਦਰੁਸਤੀ ਲਈ ਗਤੀਵਿਧੀਆਂ ਜਿਵੇਂ ਯੋਗਾ ਅਤੇ ਸਿਹਤ ਜਾਗਰੂਕਤਾ ਸੈਸ਼ਨ, ਟ੍ਰਾਂਸ-ਫੈਟ ਮੁਕਤ ਦੀਵਾਲੀ, ਤੰਬਾਕੂ ਨਿਯੰਤਰਣ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹਰੇਕ ਕੇਂਦਰ ਵਿੱਚ ਹਰ ਹਫ਼ਤੇ ਤੰਦਰੁਸਤੀ ਸੈਸ਼ਨ ਕਰਵਾਏ ਜਾ ਰਹੇ ਹਨ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ.ਬਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਕੌਂਸਲਰ  ਗੁਰਦੀਪ ਸਿੰਘ ਨੀਟੂ, ਰਾਕੇਸ਼ ਪਰਾਸ਼ਰ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।