ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਕੋਵਿਡ-19 ਸਬੰਧੀ ਕਰੇਗੀ ਜਾਗਰੂਕ
ਲੁਧਿਆਣਾ , ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਆਈ.ਈ.ਸੀ. ਵੈਨ ਤੇ ਕੋਰੋਨਾ ਵਾਇਰਸ ਨਾਲ ਜੁੜੇ ਸਾਰੇ ਬੈਨਰ ਅਤੇ ਸਾਰੀ ਜਾਣਕਾਰੀ ਹੈ। ਇਹ ਵੈਨ ਸ਼ਹਿਰ ਦੇ ਕੋਨੇ-ਕੋਨੇ ਵਿਚ ਜਾ ਕੇ ਲੋਕਾਂ ਨੂੰ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਟਰ (ਵਿਕਾਸ) ਸੰਦੀਪ ਕੁਮਾਰ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸੂਬਾ ਇਸ ਵੇਲੇ ਬੜੇ ਹੀ ਔਖੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਕਿਉਂਕਿ ਕੋਰੋਨਾ ਪੋਜਟਿਵ ਕੇਸਾਂ ਦੀ ਗਿਣਤੀ ਇਕ ਵਾਰ ਫਿਰ ਵੱਧਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤੋਂ ਘਬਰਾਉਣ ਦੀ ਬਜਾਏ ਸੁਚੇਤ ਰਹਿਣ ਦੀ ਲੋੜ ਹੈ ਅਤੇ ਜ਼ਰੂਰੀ ਹੈ ਕਿ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੌਏ ਮਾਸਕ ਪਹਿਨਣੇ, ਆਪਸੀ ਵਿੱਥ ਬਣਾਈ ਰੱਖਣੀ ਅਤੇ ਥੋੜੇ ਸਮੇਂ ਬਾਅਦ ਆਪਣੇ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਬਿਨ੍ਹਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲੋ ਤੇ ਇਸ ਵਾਇਰਸ ਤੋਂ ਸੁਰੱਖਿਅਤ ਰਹੋ। ਉਨ੍ਹਾਂ ਕਿਹਾ ਕਿ ਸਾਡੇ ਯਤਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਵਿਅਰਥ ਹਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਜੇਕਰ ਉਹ ਆਪਣੇ ਪਰਿਵਾਰਾਂ ਨੂੰ ਕੋਵਿਡ-19 ਦੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਣਾ ਚਾਹੁੰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ 19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੱਬਾਂ ਭਾਰ ਹੈ।
ਇਸ ਮੌਕੇ ਸਿਵਲ ਸਰਜਨ, ਲੁਧਿਆਣਾ ਡਾ: ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਕਿ ਜਾਗਰੂਕਤਾ ਹੀ ਇਕ ਅਜਿਹਾ ਸਾਧਨ ਹੈ ਜਦੋਂ ਤੱਕ ਇਸਦੀ ਵੈਕਸੀਨ ਉਪਲੱਬਧ ਨਹੀਂ ਹੈ, ਪਰ ਜਾਗਰੂਕਤਾ ਇੱਕ ਦੋ-ਪੱਖੀ ਪ੍ਰਕਿਰਿਆ ਹੈ। ਸਰਕਾਰ ਪਹਿਲੇ ਦਿਨ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਪਰੰਤੂ ਫੇਰ ਵੀ ਕੁਝ ਲੋਕ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਰਹਿਣ ਅਤੇ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਅਵਹੇਲਣਾ ਕਰਾਂਗੇ ਤਾਂ ਕੋਵਿਡ-19 ਦੀ ਇਸ ਦੂਜੀ ਲਹਿਰ ਦੇ ਸਾਨੂੰ ਮਾੜੇ ਸਿੱਟੇ ਭੁਗਤਣੇ ਪੈਣਗੇ।