ਕੋਵਿਡ-19 ਬਿਮਾਰੀ ਤੋਂ ਅੱਜ 7 ਮੌਤਾਂ ਦੀ ਪੁਸ਼ਟੀ ਹੋਈ 5 ਜ਼ਿਲ੍ਹਾ ਲੁਧਿਆਣਾ, 1 ਹੁਸ਼ਿਆਰਪੁਰ ਅਤੇ 1 ਮਾਨਸਾ ਨਾਲ ਸਬੰਧਤ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3656 ਸੈਂਪਲ ਲਏ

 ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.16% ਹੋਈ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3656 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।

ਡਿਪਟੀ ਕਮਿਸ਼ਨਨ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3656 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 22642 ਮਰੀਜ਼ਾਂ ਵਿਚੋਂ 92.16% (20868 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3656 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 869 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 20868 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 132 ਮਰੀਜ਼ (100 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 32 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 452588 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 449975 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 424124 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2613 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 22642 ਹੈ, ਜਦਕਿ 3209 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 7 ਮੌਤਾਂ ਦੀ ਪੁਸ਼ਟੀ ਹੋਈ (5 ਜ਼ਿਲ੍ਹਾ ਲੁਧਿਆਣਾ, 1 ਹੁਸ਼ਿਆਰਪੁਰ ਅਤੇ 1 ਮਾਨਸਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 902 ਅਤੇ 378 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 50440 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2055 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 202 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।