ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੋਵਿਡ-19 ਵੈਕਸੀਨੇਸ਼ਨ ਪ੍ਰੋਗਰਾਮ ਤਹਿਤ 16 ਮੈਂਬਰੀ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਗਠਿਤ

ਪਹਿਲੇ ਪੜਾਅ 'ਚ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਦੀ ਕੀਤੀ ਜਾਵੇਗੀ ਵੈਕਸੀਨੇਸ਼ਨ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੋਵੀਡ-19 ਵੈਕਸੀਨ ਕਮੇਟੀ ਲਈ 16 ਮੈਂਬਰੀ ਜ਼ਿਲ੍ਹਾ ਟਾਸਕ ਫੋਰਸ (ਡੀ.ਟੀ.ਐਫ.) ਦਾ ਗਠਨ ਕੀਤਾ ਗਿਆ। ਇਹ ਕਮੇਟੀ ਵਿਸ਼ਾਲ ਕੋਵਿਡ-19 ਵੈਕਸੀਨੇਸ਼ਨ ਪ੍ਰੋਗਰਾਮ ਦੇ ਪਹਿਲੇ ਪੜਾਅ ਲਈ ਰਣਨੀਤੀ ਤਿਆਰ ਕਰੇਗੀ। ਇਸ ਕਮੇਟੀ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ: ਰਾਜੇਸ਼ ਬੱਗਾ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਨਿਗਰਾਨੀ ਅਤੇ ਮੁਲਾਂਕਣ ਅਧਿਕਾਰੀ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.), ਨਹਿਰੂ ਯੁਵਾ ਕੇਂਦਰ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ) ਦੇ ਨੁਮਾਇੰਦੇ ਤੋਂ ਇਲਾਵਾ ਕਮਾਂਡਰ ਐਨ.ਸੀ.ਸੀ. ਅਤੇ ਕੋਆਰਡੀਨੇਟਰ ਐਨ.ਐਸ.ਐਸ. ਵੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬਚਤ ਭਵਨ ਵਿਖੇ ਹੋਈ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਦੀ ਪ੍ਰਕਿਰਿਆ ਆਉਣ ਵਾਲੇ ਹਫ਼ਤਿਆਂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਪਹਿਲੇ ਪੜਾਅ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਸਾਰੇ ਸਿਹਤ ਕਰਮਚਾਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਸੰਭਾਲ ਲਾਭਪਾਤਰੀਆਂ ਦੇ ਨਾਮ ਇਕ ਵੈਬਸਾਈਟ 'ਤੇ ਰਜਿਸਟਰ ਕਰਨ ਤਾਂ ਜੋ ਉਹ ਪਹਿਲੇ ਪੜਾਅ ਵਿੱਚ ਆਪਣੀ ਵੈਕਸੀਨੇਸ਼ਨ ਕਰਵਾ ਸਕਣ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਤਕਰੀਬਨ 15000 ਸਿਹਤ ਸੰਭਾਲ ਕਰਮਚਾਰੀਆਂ ਦੇ ਨਾਮ ਰਜਿਸਟਰ ਕੀਤੇ ਜਾ ਚੁੱਕੇ ਹਨ ਅਤੇ ਹੋਰ ਲਾਭਪਾਤਰੀਆਂ ਦੇ ਨਾਮ ਅਪਲੋਡ ਕਰਨ ਦੀ ਪ੍ਰਕਿਰਿਆ ਜਾਰੀ ਹੈ।ਡਾ: ਬੱਗਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 67 ਕੋਲਡ ਚੇਨ ਪੁਆਇੰਟ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਲੋੜੀਂਦੇ ਤਾਪਮਾਨ ਵਿਚ ਵੈਕਸੀਨ ਨੂੰ ਲੋੜੀਂਦੇ ਤਾਪਮਾਨ ਵਿੱਚ ਰੱਖਣ ਲਈ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਆਈਸ ਲਾਈਨਡ ਫਰਿੱਜ (ਆਈ.ਐਲ.ਆਰ.) ਅਤੇ ਡੀਪ ਫ੍ਰੀਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ। ਸਿਵਲ ਸਰਜਨ ਨੇ ਅੱਗੇ ਦੱਸਿਆ ਜ਼ਿਲ੍ਹੇ ਵਿੱਚ 805 ਸੈਸ਼ਨ ਸਾਈਟਾਂ ਵੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਿੱਥੇ ਜ਼ਿਲ੍ਹੇ ਦੇ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 442 ਏ.ਐੱਨ.ਐੱਮ. ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕਰਨਗੇ ਅਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ 43 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ।