ਵਾਹਨਾਂ 'ਤੇ ਬਿਨਾ ਢਕੇ ਰੇਤਾ ਢੋਆ-ਢੁਆਈ 'ਤੇ ਲਗਾਈ ਰੋਕ

ਪੁਲਿਸ ਕਮਿਸ਼ਨਰ ਨੇ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ

ਲੁਧਿਆਣਾ, ਮਈ ( ਮਨਜਿੰਦਰ ਗਿੱਲ )—ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਬਤਾ ਫੌਜਦਾਰੀ ਸੰਘਤਾ (ਐਕਟ ਨੰਬਰ-2 ਆਫ਼ 1974) ਦੀ ਧਾਰਾ 144 ਤਹਿਤ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ 'ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜਕ 'ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਦਾਰਾਂ ਵੱਲੋਂ ਅਣ-ਅਧਿਕਾਰਤ ਤੌਰ 'ਤੇ ਬਿਨਾ ਆਈ.ਐਸ.ਆਈ. ਮਾਰਕਾ ਹੈਲਮਟ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਸੇ ਅਣ-ਸੁਖਾਵੀਂ ਘਟਨਾ ਸਮੇਂ ਬਿਨਾਂ ਆਈ.ਐਸ.ਆਈ ਮਾਰਕਾ ਹੈਲਮਟ ਟੁੱਟ ਜਾਂਦੇ ਹਨ ਅਤੇ ਵਾਹਨ ਚਾਲਕ ਸਖ਼ਤ ਜਖ਼ਮੀ ਹੋ ਜਾਂਦਾ ਹੈ ਅਤੇ ਕਈ ਵਾਰ ਉਸ ਦੀ ਮੌਤ ਹੋ ਜਾਂਦੀ ਹੈ। ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨ•ਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸ਼ਾਮਿਲ ਹਨ ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਹਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸਵਾਰੀਆਂ ਸ਼ਰੇਆਮ ਢੋਹਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰ ਅਜਿਹੀ ਅਣਸੁਖਾਵੇਂ ਹਾਦਸੇ ਵੀ ਵਾਪਰਦੇ ਹਨ ਜਿੰਨਾਂ ਵਿੱਚ ਵੱਡ-ਮੁੱਲੀਆਂ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਪਬਲਿਕ ਹਿੱਤ ਵਿੱਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ। ਇਹ ਪਾਬੰਦੀ ਹੁਕਮ ਦੋ ਮਹੀਨੇ ਤੱਕ ਜਾਰੀ ਰਹਿਣਗੇ।