You are here

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਟ ਹਾਊਸ ਲੁਧਿਆਣਾ ਵਿਖੇ ਕੀਤੀ ਸਮੀਖਿਆ ਮੀਟਿੰਗ

ਲੁਧਿਆਣਾ , ਜਨਵਰੀ 2021  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜ਼ਾ ਰਾਮ ਵਾਲਮੀਕੀ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਨਗਰ ਨਿਗਮ ਅਤੇ ਸਮੂਹ ਮਿਊਂਸੀਪਲ ਕਮੇਟੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਉਨ੍ਹਾਂ ਦੇ ਨਾਲ ਕਮਿਸ਼ਨ ਦੇ ਉਪ-ਚੇਅਰਮੈਨ ਰਾਮ ਸਿੰਘ ਸਰਦੂਲਗੜ੍ਹ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਪ੍ਰੇਮ ਮਸੀਹ ਅਤੇ ਐਡਵੋਕੇਟ ਰਾਹੁਲ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਅਮਿਤ ਬੈਂਂਭੀ ਵੀ ਮੀਟਿੰਗ ਵਿੱਚ ਮੌਜੂਦ ਸਨ।ਚੇਅਰਮੈਨ ਗੇਜ਼ਾ ਰਾਮ ਵੱਲੋਂ ਨਗਰ ਨਿਗਮ ਅਤੇ ਵੱਖ-ਵੱਖ ਮਿਊਂਸੀਪਲ ਕਮੇਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਜੋਂ ਇਹ ਪਤਾ ਲਗਾਇਆ ਜਾ ਸਕੇ ਕਿ ਸਬੰਧਤ ਵਿਭਾਗ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਬਾਰੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ? ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਠੇਕੇ 'ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ।

ਚੇਅਰਮੈਨ ਗੇਜ਼ਾ ਰਾਮ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਸਫਾਈ ਕਰਮਚਾਰੀ/ਸੀਵਰਮੈਨਾਂ ਨਾਲ ਸਬੰਧਤ ਪਾਲਸੀਆਂ ਦੀ ਸਥਿਤੀ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ, ਕਿ ਕੀ ਇਹ ਸਹੀ ਢੰਗ ਨਾਲ ਲਾਗੂ ਕੀਤੀਆਂ ਗਈਆਂ ਹਨ ਜਾਂ ਨਹੀਂ?ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ ਜੋ ਸਫਾਈ ਸੇਵਕਾਂ ਨੂੰ ਘੱਟ ਤਨਖਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਇਹ ਯਕੀਨੀ ਬਣਾਉਣ ਕਿ ਸਰਕਾਰੀ ਕੰਮਾਂ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖ਼ਾਹ ਅਤੇ ਸਫਾਈ ਸੇਵਕਾਂ ਦੀ ਤਨਖ਼ਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਕਰਮਚਾਰੀ ਭਵਿੱਖ ਨਿਧੀ ਫੰਡ (ਈ.ਪੀ.ਐਫ.) ਅਤੇ ਕਰਮਚਾਰੀਆਂ ਦੀ ਸਟੇਟ ਇੰਸ਼ੋਰੈਂਸ (ਈ.ਐਸ.ਆਈ.) ਦੀ ਧੋਖਾਧੜੀ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੀ ਰਕਮ ਵਿਆਜ਼ ਸਮੇਤ ਵਸੂਲ ਕੀਤੀ ਜਾਵੇਗੀ।ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਚੇਅਰਮੈਨ ਨੇ ਕਿਹਾ ਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ।ਮੀਟਿੰਗ ਦੌਰਾਨ ਰੋਸ ਧਰਨੇ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਮਿੰਟ ਦਾ ਮੌਨ ਧਾਰਨ ਵੀ ਕੀਤਾ ਗਿਆ।