ਟਰੈਕਟਰ ਮਾਰਚ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਪਟੀਸ਼ਨ

ਨਵੀਂ ਦਿੱਲੀ ,ਜਨਵਰੀ 2021  -(ਏਜੰਸੀ )

ਕੇਂਦਰ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਹੈ। ਦਿੱਲੀ ਪੁਲੀਸ ਰਾਹੀਂ ਦਾਖਲ ਕੀਤੀ ਗਈ ਅਰਜ਼ੀ ਵਿੱਚ ਕੇਂਦਰ ਨੇ ਕਿਹਾ ਹੈ ਕਿ 26 ਜਨਵਰੀ ਮੌਕੇ ਹੋਣ ਵਾਲੀ ਪਰੇਡ ’ਚ ਅੜਿੱਕਾ ਪਾਉਣ ਲਈ ਕਿਸਾਨਾਂ ਨੇ ਇਹ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਮਾਰਚ ਨਾਲ ਅਮਨੋ-ਅਮਾਨ ਦੀ ਹਾਲਤ ਵਿੱਚ ਵਿਘਨ ਪੈ ਸਕਦਾ ਹੈ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਕਰਨ ਦੇ ਅਧਿਕਾਰ ਤਹਿਤ ਦੇਸ਼ ਨੂੰ ਆਲਮੀ ਪੱਧਰ ’ਤੇ ਢਾਹ ਲਾਉਣ ਦੀ ਭਾਵਨਾ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੌਮੀ ਰਾਜਧਾਨੀ ਖੇਤਰ ਵਿੱਚ ਕਿਸੇ ਨੂੰ ਵੀ ਟਰੈਕਟਰ-ਟਰਾਲੀਆਂ ਜਾਂ ਹੋਰ ਵਾਹਨਾਂ ਰਾਹੀਂ  ਕੀਤੇ ਜਾਣ ਵਾਲੇ ਮਾਰਚ ਨੂੰ ਰੋਕਣ ਦੇ ਹੁਕਮ ਦਿੱਤੇ ਜਾਣ। ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਪਰੇਡ ਸੰਵਿਧਾਨਕ ਅਤੇ ਇਤਿਹਾਸਕ ਮਹੱਤਤਾ ਰੱਖਦੀ ਹੈ ਅਤੇ ਕਿਸੇ ਨੂੰ ਵੀ ਮੁਲਕ ਦੇ ਅਕਸ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਹੈ।