ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਵਿਕਾਸ ਹੋਣਾ ਚਾਹੀਦਾ ਹੈ ਮੁੱਖ ਏਜੰਡਾ - ਵਰਿੰਦਰ ਕੁਮਾਰ ਸ਼ਰਮਾ

ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਵਿਕਾਸ ਕਾਰਜ਼ਾਂ ਦਾ ਲਿਆ ਜਾਇਜਾ

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਰਕਾਰੀ ਵਿਭਾਗਾਂ ਦੀਆਂ ਗਤੀਵਿਧੀਆਂ ਦੀ ਵੀ ਕੀਤੀ ਸਮੀਖਿਆ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਬੀ.ਡੀ.ਪੀ.ਓ ਸਹਿਬਾਨ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਨਾਲ ਸਬੰਧਤ ਸਾਰੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕੀਤੇ ਜਾਣ।

ਡਿਪਟੀ ਕਮਿਸ਼ਨਰ ਵੱਲੋਂ ਇਹ ਗੱਲ ਅੱਜ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓ. ਸਹਿਬਾਨ ਅਤੇ ਹੋਰ ਸਬੰਧਤ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਸਹੀ ਢੰਗ ਨਾਲ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰਾਂ ਦੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਂਗਨਵਾੜੀਆਂ ਦੇ ਵਿਕਾਸ, ਪਿੰਡਾਂ ਵਿੱਚ ਪਖਾਨ ਬਣਾਉਣ ਦੇ ਕੰਮ ਦੇ ਨਾਲ-ਨਾਲ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਤੇ ਧਿਆਨ ਪਹਿਲ ਦੇ ਆਧਾਰ 'ਤੇ ਕੇਂਦਰਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।

ਉਨ੍ਹਾਂ ਹਲਵਾਰਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਚਾਰਦਿਵਾਰੀ, ਪਿੰਡਾਂ ਵਿੱਚ ਬਣਨ ਵਾਲੇ ਟਾਇਲਟ ਬਲਾਕ, ਸਖੀ ਵਨ ਸਟਾਪ ਸੈਂਟਰ, ਦੱਖਣੀ ਐਕਸਪ੍ਰੈਸ ਵੇਅ ਤੋਂ ਇਲਾਵਾ ਚੱਲ ਰਹੇ ਹੋਰ ਵਿਕਾਸ ਕਾਰਜ਼ਾਂ ਦੀ ਸਮੀਖਿਆ ਵੀ ਕੀਤੀ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਵੱਲੋਂ ਵਿਕਾਸ ਕਾਰਜ਼ਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ ਅਤੇ ਜਨਤਕ ਪੈਸੇ ਦੀ ਸੁਚਾਰੂ ਢੰਗ ਨਾਲ ਵਰਤੋਂ ਹੋਣੀ ਚਾਹੀਦੀ ਹੈ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਵੱਲੋ 'ਮਿਸ਼ਨ ਤੰਦਰੁਸਤ ਪੰਜਾਬ' ਨਾਲ ਸਬੰਧਤ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।