ਸਾਬਕਾ ਐੱਸਐੱਸਪੀ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ

ਫ਼ਰੀਦਕੋਟ, (ਜਨ ਸ਼ਕਤੀ ਨਿਊਜ਼)  ਬਹਿਬਲ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਅੱਠ ਦਿਨਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਥੇ ਇਲਾਕਾ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਟੀਮ ਨੇ ਪੁਲੀਸ ਮੁਖੀ ਦੇ ਰਿਮਾਂਡ ਵਿੱਚ ਪੰਜ ਦਿਨ ਦਾ ਹੋਰ ਵਾਧਾ ਮੰਗਿਆ ਸੀ। ਅਦਾਲਤ ਨੇ ਲੰਬੀ ਸੁਣਵਾਈ ਤੋਂ ਬਾਅਦ ਸਾਬਕਾ ਪੁਲੀਸ ਮੁਖੀ ਨੂੰ 7 ਫਰਵਰੀ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਬਹਿਬਲ ਕਾਂਡ ਵਿੱਚ ਧਰਨਾਕਾਰੀਆਂ ਵੱਲੋਂ ਪੁਲੀਸ ਦੇ ਵਾਹਨਾਂ ‘ਤੇ ਗੋਲੀਆਂ ਚਲਾਉਣ ਦੀ ਗੱਲ ਸਹੀ ਨਹੀਂ ਹੈ ਅਤੇ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਆਪਣਾ ਬਚਾਅ ਕਰਨ ਲਈ ਪੁਲੀਸ ਦੀਆਂ ਜਿਪਸੀਆਂ ‘ਤੇ ਪੁਲੀਸ ਅਧਿਕਾਰੀਆਂ ਨੇ ਹੀ ਗੋਲੀਆਂ ਚਲਾਈਆਂ ਸਨ। ਜਾਂਚ ਟੀਮ ਨੇ ਦਾਅਵਾ ਕੀਤਾ ਕਿ ਮੌਕੇ ‘ਤੇ ਤਾਇਨਾਤ ਪੁਲੀਸ ਕੋਲ ਸਰਕਾਰੀ ਅਸਲੇ ਤੋਂ ਇਲਾਵਾ ਨਿੱਜੀ ਅਸਲਾ ਵੀ ਮੌਜੂਦ ਸੀ ਅਤੇ ਜੋ ਗੋਲੀਆਂ ਪੁਲੀਸ ਦੀ ਜਿਪਸੀ ਵਿੱਚ ਵੱਜੀਆਂ ਸਨ, ਉਹ 12 ਬੋਰ ਰਾਈਫਲ ਨਾਲ ਮਾਰੀਆਂ ਗਈਆਂ ਸਨ। ਜਾਂਚ ਟੀਮ ਨੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਇਸ 12 ਬੋਰ ਹਥਿਆਰ ਬਾਰੇ ਸਾਬਕਾ ਪੁਲੀਸ ਮੁਖੀ ਤੋਂ ਹੋਰ ਪੁੱਛਗਿੱਛ ਦੀ ਲੋੜ ਹੈ।
ਦੂਜੇ ਪਾਸੇ, ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਅੱਠ ਦਿਨ ਦੇ ਲੰਬੇ ਰਿਮਾਂਡ ਦੌਰਾਨ ਪੁਲੀਸ ਕੋਈ ਵੀ ਪ੍ਰਾਪਤੀ ਅਦਾਲਤ ਸਾਹਮਣੇ ਨਹੀਂ ਦਿਖਾ ਸਕੀ, ਜਿਸ ਤੋਂ ਸਾਫ਼ ਹੈ ਕਿ ਪੁਲੀਸ ਸਿਰਫ਼ ਸਾਬਕਾ ਪੁਲੀਸ ਅਧਿਕਾਰੀ ਨੂੰ ਪ੍ਰੇਸ਼ਾਨ ਕਰਨ ਲਈ ਪੁਲੀਸ ਰਿਮਾਂਡ ਮੰਗ ਰਹੀ ਹੈ। ਜਾਂਚ ਟੀਮ ਦੇ ਅਧਿਕਾਰੀ ਅਤੇ ਕਪੂਰਥਲਾ ਦੇ ਐੱਸਐੱਸਪੀ ਸਤਿੰਦਰਪਾਲ ਸਿੰਘ ਨੇ ਕਿਹਾ ਕਿ ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਹ ਖੁਲਾਸੇ ਜਨਤਕ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਟੀਮ ਨੂੰ ਬਹਿਬਲ ਵਿਚ ਕਤਲ ਕੀਤੇ ਗਏ ਦੋ ਨੌਜਵਾਨਾਂ ਸਬੰਧੀ ਅਹਿਮ ਸਬੂਤ ਮਿਲੇ ਹਨ।