514 ਪਿੰਡਾਂ ਦੇ ਵਸਨੀਕ ਖੁਸ਼ ਹਨ, 100 ਫੀਸਦ 'ਫੰਕਸ਼ਨਲ ਹਾਊਸਹੋਲਡ ਟੈਪ ਕੁਨੈਕਸ਼ਨ (ਐਫ.ਐਚ.ਟੀ.ਸੀ.) ਹਨ ਲਾਹੇਵੰਦ

ਵਸਨੀਕਾਂ ਵੱਲੋਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਮਾਰਚ 2022 ਤੱਕ ਲੁਧਿਆਣਾ ਜ਼ਿਲ੍ਹੇ ਦੇ ਹਰ ਘਰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਮਿਥਿਆ ਟੀਚਾ - ਵਧੀਕ ਡਿਪਟੀ ਕਮਿਸ਼ਨਰ(ਵਿਕਾਸ)

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਜ਼ਿਲ੍ਹਾ ਲੁਧਿਆਣਾ ਦੇ 514 ਪਿੰਡਾਂ ਦੇ ਵਸਨੀਕ ਇਸ ਕਰਕੇ ਖੁਸ਼ ਹਨ ਕਿਉਂਕਿ ਹੁਣ ਉਨ੍ਹਾਂ ਦੇ ਪਿੰਡਾਂ ਵਿੱਚ 100 ਫੀਸਦ ਪੂਰੀ ਤਰ੍ਹਾਂ 'ਫੰਕਸ਼ਨਲ ਹਾਊਸਹੋਲਡ ਟੈਪ ਕੁਨੈਕਸ਼ਨ (ਐਫ.ਐਚ.ਟੀ.ਸੀ.) ਹਨ। ਉਨ੍ਹਾਂ ਹਰ ਘਰ ਪਾਣੀ, ਹਰ ਘਰ ਸਫਾਈ਼ ਮਿਸ਼ਨ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਸ ਨਾਲ ਵੱਡੀ ਗਿਣਤੀ ਵਿੱਚ ਉਨ੍ਹਾਂ ਲੋਕਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਨੂੰ ਪਹਿਲਾਂ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਸੀ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਹੁਣ ਅਗਲੇ ਸਾਲ, ਪੰਜਾਬ ਇਸ ਵਿਵੇਕ ਨੂੰ ਪ੍ਰਾਪਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।

ਪਿੰਡ ਭੋਲੇਵਾਲ ਕਦੀਮ ਦੇ ਸਾਬਕਾ ਸਰਪੰਚ ਸ.ਗੁਰਚਰਨ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਪਿੰਡ ਦੇ 174 ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਟੂਟੀ ਕੁਨੈਕਸ਼ਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਵਸਨੀਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਉਹ ਪ੍ਰਦੂਸ਼ਿਤ ਪਾਣੀ ਵਰਤਦੇੇ ਸਨ ਪਰ ਹੁਣ ਇਸ ਨਵੀਂ ਯੋਜਨਾ ਨਾਲ ਵਸਨੀਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਨੂਰਪੁਰ ਬੇਟ ਨੇੜੇ ਪਿੰਡ ਗੜ੍ਹਾ ਦੇ ਸਰਪੰਚ ਸ.ਗੁਰਦੇਵ ਸਿੰਘ ਨੇ ਵੀ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਗੰਧਲਾ ਪਾਣੀ ਪੀਣ ਨਾਲ ਬਿਮਾਰ ਹੋ ਜਾਂਦੇ ਸਨ, ਜੋ ਜ਼ਿਆਦਾਤਰ ਧਰਤੀ ਹੇਠਲਾ ਪਾਣੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਪਰ ਹੁਣ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਨਾਲ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੂੰ ਤੰਦਰੁਸਤ ਰਹਿਣ ਵਿਚ ਮੱਦਦ ਮਿਲੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ 31 ਮਾਰਚ 2022 ਤੱਕ ਜ਼ਿਲ੍ਹਾ ਲੁਧਿਆਣਾ ਦੇ ਹਰ ਘਰ ਨੂੰ ਪਾਈਪਾਂ ਰਾਹੀਂ ਸਾਫ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਦੇ 2,14,526 ਘਰਾਂ ਨੂੰ ਟੈਪ ਕੁਨੈਕਸ਼ਨ ਦੀ ਸਹੂਲਤ ਦਿੱਤੀ ਗਈ ਹੈ।