ਪੰਜਾਬ ਸਰਕਾਰ ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੈ ਵਚਨਬੱਧ - ਸੁਖਵਿੰਦਰ ਸਿੰਘ ਬਿੰਦਰਾ

37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ' ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਅੱਜ ਸਥਾਨਕ ਰੱਖ ਬਾਗ ਵਿਖੇ, ਲੁਧਿਆਣਾ ਵੇਟਲਿਫਟਿੰਗ ਅਤੇ ਬਾਡੀ ਬਿਲਡਿੰਗ ਕਲੱਬ ਦੁਆਰਾ ਆਯੋਜਿਤ ਕੀਤੇ ਗਏ 37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੇਟਲਿਫਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਖਿਡਾਰੀਆਂ ਦੇ ਸਹਿਯੋਗ ਲਈ ਤੱਤਪਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ।