ਸਾਰੇ ਭਾਗੀਦਾਰ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਈ-ਕਾਰਡ ਮੁਹੱਈਆ ਕਰਵਾਉਣ ਲਈ ਪਾਉਣ ਯੋਗਦਾਨ - ਭਾਰਤ ਭੂਸ਼ਣ ਆਸ਼ੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਧਾਉਣ ਲਈ ਬਹੁ-ਪੱਖੀ ਰਣਨੀਤੀ ਤਿਆਰ - ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਤੋਂ ਸਹਿਯੋਗ ਦੀ ਅਪੀਲ

 

ਲੁਧਿਆਣਾ, ਫਰਵਰੀ 2021 -(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  )- 

ਜ਼ਮੀਨੀ ਪੱਧਰ 'ਤੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਧਾਉਣ ਲਈ ਇਕ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਹੈ ਜਿਸ ਵਿੱਚ ਸੂਬਾ ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਾਰੇ ਭਾਗੀਦਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਸਾਰੇ ਭਾਗੀਦਾਰਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਨਿਗਮ ਕੌਂਸਲਰ, ਜੀ.ਓ.ਜੀ., ਵਪਾਰੀ ਆਦਿ ਸ਼ਾਮਲ ਹੋਏ।

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ 'ਤੇ ਆਮ ਲੋਕਾਂ ਦੇ ਲਾਭ ਲਈ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਆਉਂਦੇ ਹਨ ਅਤੇ ਉਨ੍ਹਾਂ ਵੱਲੋਂ ਇਸ ਸਕੀਮ ਤਹਿਤ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਮੂਹ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਬਹੁ-ਗਿਣਤੀ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਦਿਹਾਤੀ ਲੁਧਿਆਣਾ ਵਿੱਚ 130 ਰਜਿਸ਼ਟ੍ਰੇਸ਼ਨ ਕੈਂਪਾਂ ਦੀ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸ਼ਹਿਰੀ ਆਬਾਦੀ ਲਈ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ(ਸੀ.ਐਸ.ਸੀ.) ਅਤੇ ਸੁਵਿਧਾ ਕੇਂਦਰ ਪਹਿਲਾਂ ਤੋਂ ਹੀ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਕਾਰਜਸ਼ੀਲ ਹਨ। 

ਚੁਣੇ ਹੋਏ ਨੁਮਾਇੰਦਿਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਗਰੂਕ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕੈਂਪ ਵੀ ਲਗਾਏਗਾ ਜਿਥੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ ਅਤੇ ਅਧਿਕਾਰੀਆਂ ਨੂੰ ਕੈਂਪਾਂ ਦਾ ਰੋਸਟਰ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਲਾਭਪਾਤਰੀ ਸਕੀਮ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਮਾਣਿਤ ਪ੍ਰਾਈਵੇਟ ਹਸਪਤਾਲਾਂ ਵਿੱਚ 1396 ਪੈਕੇਜਾਂ ਦਾ ਕੈਸ਼ਲੈੱਸ ਸੈਕੰਡਰੀ ਦੇਖਭਾਲ ਅਤੇ ਤੀਸਰੀ ਦੇਖਭਾਲ ਦਾ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਪ੍ਰਮਾਣਿਤ ਹਸਪਤਾਲਾਂ ਅਤੇ ਲਾਭਪਾਤਰੀਆਂ ਦੀ ਯੋਗਤਾ ਦੀ ਸੂਚੀ sha.punjab.gov.in 'ਤੇ ਵੀ ਵੇਖੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ-ਆਰਥਿਕ ਜਾਤੀ ਮਰਦਮਸ਼ੁਮਾਰੀ (2011) ਦੇ ਅਨੁਸਾਰ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀ.ਐੱਮ.ਜੇ.ਏ.) ਪਰਿਵਾਰ, ਈ-ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿਨ੍ਹਾਂ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਜੇ.ਫਾਰਮ ਜਾਰੀ ਕੀਤਾ ਗਿਆ, ਆਬਕਾਰੀ ਅਤੇ ਕਰ ਵਿਭਾਗ ਕੋਲ ਰਜਿਸਟਰਡ ਵਪਾਰੀ ਅਤੇ ਉਸਾਰੀ ਕਰਮਚਾਰੀ ਭਲਾਈ ਬੋਰਡ ਕੋਲ ਰਜਿਸਟਰਡ ਉਸਾਰੀ ਕਾਮੇ ਅਤੇ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਪੱਤਰਕਾਰ ਜਾਂ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰ ਇਸ ਸਕੀਮ ਅਧੀਨ ਯੋਗ ਹਨ।

ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਆਪਣੇ ਈ-ਕਾਰਡ ਨੂੰ ਜਿਲ੍ਹੇ ਭਰ ਦੇ 100 ਕਾਮਨ ਸਰਵਿਸ ਸੈਂਟਰਾਂ ਦੇ ਨੈਟਵਰਕ ਰਾਹੀਂ 30 ਰੁਪਏ ਵਿਚ ਪ੍ਰਾਪਤ ਕਰ ਸਕਦੇ ਹਨ ਅਤੇ ਇਹ ਸੇਵਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਾਲੀ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।