ਡੀ.ਸੀ. ਵੱਲੋ ਸਿਹਤ ਵਿਭਾਗ ਨੂੰ ਨਿਰਦੇਸ਼, ਯੂ.ਡੀ.ਆਈ.ਡੀ. ਸਕੀਮ ਤਹਿਤ ਰਜਿਸ਼ਟ੍ਰੇਸ਼ਨ 'ਚ ਲਿਆਂਦੀ ਜਾਵੇ ਤੇਜ਼ੀ

-ਏ.ਡੀ.ਸੀ.(ਵਿ) ਦੀ ਨਿਗਰਾਨੀ ਹੇਠ ਪ੍ਰੋਗਰਾਮ ਦਾ ਹੋਵੇਗਾ ਸੰਚਾਲਨ

ਲੁਧਿਆਣਾ, ਮਾਰਚ 2021 ( ਸੱਤਪਾਲ ਸਿੰਘ ਦੇਹਡ਼ਕਾ/   ਮਨਜਿੰਦਰ ਗਿੱਲ    ) -

ਯੂ.ਡੀ.ਆਈ.ਡੀ. ਸਕੀਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਿਹਤ ਅਧਿਕਾਰੀਆਂ ਨੂੰ ਜ਼ਿਲਾ ਦੇ ਸਾਰੇ ਦਿਵਿਆਂਗ ਵਿਅਕਤੀਆਂ ਦੀ ਰਜਿਸ਼ਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

 

ਬਚਤ ਭਵਨ ਵਿਖੇ ਹੋਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਵਿਸ਼ੇਸ਼ ਕੈਂਪਾਂ ਦੀ ਯੋਜਨਾ ਬਣਾਉਣ ਲਈ ਵੀ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਇੱਕ ਸਥਾਨ 'ਤੇ ਹੀ ਮਾਹਰ ਡਾਕਟਰਾਂ ਦੁਆਰਾ ਜਾਂਚ ਦੇ ਨਾਲ-ਨਾਲ ਉਨ੍ਹਾਂ ਦੀ ਰਜਿਸਟ੍ਰੇਸ਼ਨ ਵਰਗੀਆਂ ਸਹੂਲਤਾਂ ਮਿਲ ਸਕਣ।

 

ਉਨ੍ਹਾਂ ਕਿਹਾ ਕਿ ਇਹ ਕੈਂਪ ਸਾਰੇ ਯੋਗ ਲਾਭਪਾਤਰੀਆਂ ਨੂੰ ਇੱਕ ਸਥਾਨ 'ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਗੇ, ਜਿਸ ਵਿੱਚ ਮਾਹਰ ਡਾਕਟਰਾਂ ਵੱਲੋਂ ਮੌਕੇ 'ਤੇ ਮੈਡੀਕਲ ਜਾਂਚ ਤੋਂ ਇਲਾਵਾ ਹੋਰ ਸਹੂਲਤਾਂ ਵੀ ਸ਼ਾਮਲ ਹਨ।

 

ਸ੍ਰੀ ਸ਼ਰਮਾ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਇਕ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸੇਵਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂਕਿ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਨੂੰ ਬਰਾਬਰ ਨੌਕਰੀ ਅਤੇ ਸਮਾਜਿਕ ਸੁਰੱਖਿਆ ਦੇ ਮੌਕੇ ਪ੍ਰਦਾਨ ਕਰੇ।

 

ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਯੂ.ਡੀ.ਆਈ.ਡੀ. ਰਜਿਸ਼ਟ੍ਰੇਸ਼ਨ ਕਰਾਉਣ ਲਈ ਆਪਣਾ ਅਧਾਰ ਕਾਰਡ, ਵੋਟਰ ਸ਼ਨਾਖਤੀ ਕਾਰਡ ਜਾਂ ਕੋਈ ਹੋਰ ਉਮਰ ਦਾ ਪ੍ਰਮਾਣ ਆਪਣੀਆਂ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਦੀ ਵਰਤੋਂ ਨਾਲ ਨੇਤਰਹੀਣ ਵਿਅਕਤੀ ਰੋ}ਗਾਰ ਦੇ ਮੌਕੇ ਅਤੇ ਹੋਰ ਜ਼ਰੂਰੀ ਸਹੂਲਤਾਂ ਤੋਂ ਇਲਾਵਾ ਮੁਫਤ ਬੱਸ ਦੀ ਯਾਤਰਾ ਦਾ ਲਾਭ ਵੀ ਲੈ ਸਕਦੇ ਹਨ।

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ, ਸਾਰੇ ਯੋਗ ਲਾਭਪਾਤਰੀਆਂ ਨੂੰ ਲਾਜ਼ਮੀ ਤੌਰ 'ਤੇ ਇਕ ਛੱਤ ਹੇਠ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ ਅਤੇ ਬਿਨੈਕਾਰਾਂ ਦੀ ਸਰੀਰਕ ਜਾਂਚ ਕਰਵਾਉਣ ਲਈ ਮਾਹਰ ਪੈਨਲ ਵੀ ਕੈਂਪਾਂ ਵਿਚ ਮੌਜੂਦ ਰਹਿਣਗੇ।

 

ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੰਚਾਲਨ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਵੇਗਾ।

 

ਉਨ੍ਹਾਂ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਉਨ੍ਹਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

 

ਇਸ ਮੌਕੇ ਪ੍ਰਮੁੱਖ ਤੌਰ 'ਤੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।