ਹਲਕਾ ਮਹਿਲ ਕਲਾਂ ਦੇ ਪਿੰਡ ਕੁਰੜ ਵਿਖੇ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕੁਲਵੰਤ ਸਿੰਘ ਟਿੱਬਾ ਨੇ ਕੀਤਾ ਪਰਿਵਾਰ ਦੇ ਨਾਲ ਦੁੱਖ ਸਾਂਝਾ  

ਮਹਿਲ ਕਲਾਂ/ਬਰਨਾਲਾ -ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ)-

ਬੀਤੀ ਦਿਨੀਂ ਇੱਥੋਂ ਨੇੜਲੇ ਪਿੰਡ ਕੁਰੜ ਵਿਖੇ ਕਰਜ਼ੇ ਤੋਂ ਪਰੇਸ਼ਾਨ ਫਾਹਾ ਲੈ ਕੇ ਖੁਦਕਸ਼ੀ ਕਰਨ ਵਾਲੇ ਕਿਸਾਨ ਪਰਿਵਾਰ ਨਾਲ ਸੰਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹੋਪ ਫ਼ਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਕੁਰੜ ਵਿਖੇ ਪੀਡ਼ਤ ਪਰਿਵਾਰ ਦੇ ਘਰ ਪੁੱਜ ਕੇ ਦੁੱਖ ਸਾਂਝਾ ਕੀਤਾ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਸ਼ਿੰਗਾਰਾ ਸਿੰਘ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਢੰਡੋਰਾ ਪਿੱਟ ਰਹੀ ਹੈ ਜਦਕਿ ਦੂਜੇ ਪਾਸੇ ਆਏ ਦਿਨ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੇਸ਼ੱਕ ਖ਼ੁਦਕਸ਼ੀ ਕੋਈ ਹੱਲ ਨਹੀਂ ਹੈ ਪਰ ਸਰਕਾਰਾਂ ਨੂੰ ਵੀ ਇਸ ਮਾਮਲੇ ਵਿਚ ਪਹਿਲ ਦੇ ਆਧਾਰ ਤੇ ਕਰਜ਼ ਮੁਆਫ਼ੀ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦਿਨੋਂ ਦਿਨ ਕਿਸਾਨ ਪਰਿਵਾਰਾਂ ਦੀ ਘਟ ਰਹੀ ਜ਼ਮੀਨ ਅਤੇ ਅਮਰਵੇਲ ਵਾਂਗ ਵਧ ਰਹੇ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ।ਕੁਲਵੰਤ ਸਿੰਘ ਟਿੱਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਤੋਂ ਮੰਗ ਕੀਤੀ ਕਿ ਪੀਡ਼ਤ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਕੁਰੜ, ਮਲਕੀਤ ਸਿੰਘ ਮੱਲ੍ਹਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲਾ ਵਿੱਤ ਸਕੱਤਰ ਕਰਨੈਲ ਸਿੰਘ ਕੁਰੜ ਆਦਿ ਆਗੂ ਵੀ ਹਾਜ਼ਰ ਸਨ।