ਚਰਨਜੀਤ ਸ਼ਰਮਾ ਨੂੰ ਅੰਤਰਿਮ ਜ਼ਮਾਨਤ ਮਿਲੀ

ਚੰਡੀਗੜ੍ਹ,  ਮਈ 2019-ਪੰਜਾਬ ਪੁਲੀਸ ਦੇ ਸੇਵਾਮੁਕਤ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾੜੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸ਼ਰਮਾ ਅੱਜ-ਕੱਲ੍ਹ ਬੇਅਦਬੀ ਮਾਮਲੇ ਵਿੱਚ ਵਿਖਾਵਾਕਾਰੀਆਂ ਉੱਤੇ ਗੋਲੀ ਚਲਾਉਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ। ਸ਼ਰਮਾ ਦੀ ਜ਼ਮਾਨਤ ਅਰਜ਼ੀ ਪ੍ਰਵਾਨ ਕਰਦਿਆਂ ਜਸਟਿਸ ਰਾਜ ਸ਼ੇਖ਼ਰ ਅੱਤਰੀ ਨੇ ਕਿਹਾ ਕਿ ਮੈਡੀਕਲ ਰਿਪੋਰਟਾਂ ਅਤੇ ਕੇਸ ਨੂੰ ਮਨੁੱਖੀ ਆਧਾਰ ਉੱਤੇ ਹਮਦਰਦੀ ਨਾਲ ਵਿਚਾਰਨ ਬਾਅਦ ਅਦਾਲਤ ਮੰਨਦੀ ਹੈ ਕਿ ਪਟੀਸ਼ਨਰ ਅੰਤਰਿਮ ਜ਼ਮਾਨਤ ਦਾ ਹੱਕਦਾਰ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਸ਼ਰਮਾ ਇਲਾਕਾ ਮੈਜਿਸਟ੍ਰੇਟ ਨੂੰ ਜ਼ਮਾਨਤ ਭਰ ਕੇ ਦੇਣ ਬਾਅਦ ਰਿਹਾਈ ਦਾ ਹੱਕਦਾਰ ਹੈ। ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਕਿਹਾ ਹੈ ਕਿ ਉਹ ਅਗਲੀ ਪੇਸ਼ੀ ਉੱਤੇ ਅਦਾਲਤ ਵਿੱਚ ਤਾਜ਼ਾ ਮੈਡੀਕਲ ਰਿਕਾਰਡ ਪੇਸ਼ ਕਰਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਪੇਸ਼ੀ 2 ਜੁਲਾਈ ਨੂੰ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਐੱਸਐੱਸਪੀ ਵੱਲੋਂ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਦੱਸਿਆ ਗਿਆ ਹੈ ਕਿ ਉਹ ਦਿਲ ਦਾ ਗੰਭੀਰ ਰੋਗੀ ਹੈ। ਉਸ ਦੇ ਸਟੈਂਟ ਪੁਆਏ ਜਾਣਾ ਜ਼ਰੂਰੀ ਹੈ। ਇਸ ਲਈ ਉਸਨੂੰ ਤੁਰੰਤ ਅੰਤਰਿਮ ਜ਼ਮਾਨਤ ਦਿੱਤੇ ਜਾਣ ਦੀ ਲੋੜ ਹੈ।