You are here

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜ੍ਹਤ ਲੜਕੀ ਨਾਲ ਕੀਤੀ ਮੁਲਾਕਾਤ

ਪਰਿਵਾਰ ਨੂੰ ਦਿੱਤਾ ਭਰੋਸਾ, ਮਾਮਲਾ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ ਜਾਵੇਗਾ
ਲੁਧਿਆਣਾ/ਜਗਰਾਉਂ 23 ਜੂਨ (ਅਮਿਤ ਖੰਨਾ ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਥਿਤ ਤੌਰ'ਤੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਅੱਜ ਜਗਰਾਉਂ ਸਥਿਤ ਉਸ ਦੇ ਘਰ ਵਿਖੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮੇਂ ਸਿਰ ਹੱਲ ਕਰਨ ਦਾ ਵੀ ਭਰੋਸਾ ਦਿੱਤਾ ।ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਚਰਨਜੀਤ ਸਿੰਘ ਸੋਹਲ ਦੇ ਨਾਲ ਅੱਜ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੀੜਤ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ, ਜਿਸ ਵਿਚ ਇਸ ਲੜਕੀ ਨੂੰ ਸਾਲ 2005 ਵਿਚ ਤਤਕਾਲੀ ਐਸ.ਐਚ.ਓ. ਦੁਆਰਾ ਕਥਿਤ ਤੌਰ 'ਤੇ ਤਸੀਹੇ ਦਿੱਤੇ ਗਏ ਸਨ ਅਤੇ ਨਾਜਾਇਜ਼ ਤੌਰ 'ਤੇ ਨਜ਼ਰਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵਿਭਾਗ ਵੱਲੋਂ ਤਤਕਾਲੀ ਐਸ.ਐਚ.ਓ. ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣਗੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇ ਪੁਲਿਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਦੇ ਖਿਲਾਫ ਬਿਨਾਂ ਕਿਸੇ ਦੇਰੀ ਐਫ.ਆਈ.ਆਰ. ਦਰਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਚਾ ਨਹੀਂ ਹੈ ਅਤੇ ਦੋਸ਼ੀ ਪਾਏ ਜਾਣ 'ਤੇ, ਹਰ ਹੀਲੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।