ਬੇਅਦਬੀ ਦੇ ਸਿਆਸੀਕਰਨ ਦੀ ਨੈਤਿਕ ਜ਼ਿੰਮੇਵਾਰੀ ਲੈਣ ਕੈਪਟਨ- ਹਰਸਿਮਰਤ

ਮਾਨਸਾ,  ਜੂਨ 2019- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਮਾਨਸਾ ਅਤੇ ਸਰਦੂਲਗੜ੍ਹ ਦਾ ਦੌਰਾ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ। ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਧਿਕਾਰੀ ਵੱਲੋਂ ਦਾਖ਼ਲ ਕੀਤੀ ਚਾਰਜਸ਼ੀਟ ਨੂੰ ਸਿਟ ਟੀਮ ਦੇ ਸੀਨੀਅਰ ਮੈਂਬਰਾਂ ਵੱਲੋਂ ਰੱਦ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ਪੁਲੀਸ ਕਾਰਵਾਈ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰਨ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਆਪਣੇ ਧੰਨਵਾਦੀ ਦੌਰੇ ਦੌਰਾਨ ਵੱਖ ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਨੂੰ ਹੱਲ ਕਰਨ ਲਈ ਕਿਹਾ। ਉਨ੍ਹਾਂ ਨੇ ਆਪਣੀ ਜੇਬ ਵਿੱਚੋਂ ਲੋੜਵੰਦ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹਾਂ ਲਈ ਮੱਦਦ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਨਾਂ ਉੱਤੇ ਝੂਠੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਦਾ ਪਹਿਲਾਂ ਵੀ ਪਰਦਾਫਾਸ਼ ਹੋ ਚੁੱਕਿਆ ਹੈ। ਹੁਣ ਸਿਟ ਦੀ ਸਮੁੱਚੀ ਟੀਮ ਵੱਲੋਂ ਪੁਲੀਸ ਕਾਰਵਾਈ ਦੀ ਜਾਂਚ ਦੇ ਸਿਆਸੀਕਰਨ ਖ਼ਿਲਾਫ਼ ਉਠਾਈ ਆਵਾਜ਼ ਨਾਲ ਮੁੱਖ ਮੰਤਰੀ ਦੀ ਦੁਬਾਰਾ ਪੋਲ ਖੁੱਲ੍ਹ ਗਈ ਹੈ। ਜਾਂਚ ਟੀਮ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਹੇਤੇ ਅਧਿਕਾਰੀ ਨੇ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਤਾ ਚੱਲਦਾ ਹੈ ਕਿ ਇਸ ਜਾਂਚ ਦਾ ਕਿੰਨਾ ਸਿਆਸੀਕਰਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਵਾਂਗ ਇਹ ਚਾਰਜਸ਼ੀਟ ਵੀ ਕਾਂਗਰਸ ਭਵਨ ਵਿਚ ਬੈਠ ਕੇ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਕੀਤੇ ਕੂੜ ਪ੍ਰਚਾਰ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਬੇਅਦਬੀ ਦੇ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਹੈ। ਕਾਂਗਰਸ ਸਰਕਾਰ ਨੂੰ ਦੂਸ਼ਣਬਾਜ਼ੀ ਦੀ ਖੇਡ ਛੱਡ ਕੇ ਕਾਰਗੁਜ਼ਾਰੀ ਵਿਖਾਉਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਰਕਾਰ ਦੀ ਮੈਡੀਕਲ ਅਧਿਆਪਕਾਂ ਦੀ ਭਰਤੀ ਕਰਨ ‘ਚ ਲਾਪਰਵਾਹੀ ਕਾਰਣ ਸਿਹਤ ਸੇਵਾਵਾਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।