ਅੱਤਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਸੀਆਰਪੀਐੱਫ ਦੀਆਂ 25 ਕੰਪਨੀਆਂ ਤੇ ਐਂਟੀ ਡਰੋਨਾ ਦੀ ਕੀਤੀ ਮੰਗ
ਚੰਡੀਗੜ੍ਹ , 10 ਅਗਸਤ ( ਇਕਬਾਲ ਸਿੰਘ ਰਸੂਲਪੁਰ ,ਮਨਜਿੰਦਰ ਗਿੱਲ) ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ.ਐਸ.ਐਫ. ਲਈ ਡਰੋਨ ਨੂੰ ਨਸ਼ਟ ਕਰਨ ਵਾਲੇ ਉਪਕਰਨ ਤੁਰੰਤ ਮੰਗੇ ਹਨ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਆਈ.ਐਸ.ਆਈ. ਦੀਆਂ ਵਧਦੀਆਂ ਸਰਗਰਮੀਆਂ ਨਾਲ ਸੂਬੇ ਵਿੱਚ ਹਾਲੀਆ ਸਮੇਂ ਵਿੱਚ ਹਥਿਆਰਾਂ, ਹੱਥ ਗੋਲਿਆਂ ਅਤੇ ਆਈ.ਈ.ਡੀਜ਼ ਦੀ ਵੱਡੀ ਪੱਧਰ ’’ਤੇ ਘੁਸਪੈਠ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਜ ਸ਼ਾਮ ਅਮਿਤ ਸ਼ਾਹ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਤੇ ਮੋਗਾ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਮੰਗ ਕਰਦਿਆਂ ਨਾਲ ਹੀ ਸਰਹੱਦ ’’ਤੇ ਤਾਇਨਾਤ ਬੀ.ਐਸ.ਐਫ. ਲਈ ਡਰੋਨਾਂ ਨੂੰ ਨਸ਼ਟ ਕਰਨ ਵਾਲੇ ਉਪਕਰਨ ਮੰਗੇ ਹਨ। ਉਨ੍ਹਾਂ ਅਹਿਮ ਬੁਨਿਆਦੀ ਢਾਂਚੇ/ਥਾਵਾਂ ਅਤੇ ਜਨਤਕ ਮੀਟਿੰਗਾਂ/ਸਮਾਗਮਾਂ ਜਿਨ੍ਹਾਂ ਵਿੱਚ ਵੱਡੇ ਖਤਰੇ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਸ਼ਮੂਲੀਅਤ ਕਰਦੇ ਹਨ, ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦਿੱਤਾ। ਜਾਣਕਾਰੀ ਲਈ ਦੱਸ ਦਈਏ ਕਿ ਇਹ ਮੀਟਿੰਗ ਅੱਜ ਮੰਗਲਵਾਰ ਦਿੱਲੀ ਵਿਖੇ ਹੋਈ ।