ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਕਸਬਾ ਮਹਿਲ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ 

ਮਹਿਲ ਕਲਾਂ/ ਬਰਨਾਲਾ- 3 ਸਤੰਬਰ- (ਗੁਰਸੇਵਕ ਸਿੰਘ ਸੋਹੀ)- ਪੰਜਾਬ ਦੀਆਂ ਮਜਦੂਰ ਜਥੇਬੰਦੀਆਂ ਮਜ਼ਦੂਰ ਮੁਕਤੀ ਮੋਰਚਾ, ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ, ਦਿਹਾਤੀ ਮਜ਼ਦੂਰ ਸਭਾ ,ਪੇਂਡੂ ਮਜ਼ਦੂਰ ਯੂਨੀਅਨ ,ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਸਮੇਤ 7 ਮਜ਼ਦੂਰ ਜਥੇਬੰਦੀਆਂ ਦੇ ਸੱਦੇ ਉੱਪਰ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਤੌਰ ਤੇ ਅਨਾਜ ਮੰਡੀ ਮਹਿਲ ਕਲਾਂ ਵਿਖੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਇਕ ਰੋਸ ਮਾਰਚ ਕਰ ਕੇ ਪੰਜਾਬ ਸਰਕਾਰ ਦਾ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ, ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ,ਸੀ ਟੀ ਯੂ ਦੀ ਸੂਬਾ ਜੁਆਇੰਟ ਸਕੱਤਰ ਕਾਮਰੇਡ ਪਰਮਜੀਤ ਕੌਰ ਗੁੰਮਟੀ ,ਜ਼ਿਲ੍ਹਾ ਕਮੇਟੀ ਮੈਂਬਰ ਹੈਪੀ ਸਿੰਘ ਛੀਨੀਵਾਲ ,ਮਜ਼ਦੂਰ ਮੁਕਤੀ ਮੋਰਚੇ ਦੀ ਆਗੂ ਬੱਬੂ ਕੌਰ ਸਹੌਰ ਤੇ  ਗੁਰਪ੍ਰੀਤ ਕੌਰ ਵਜੀਦਕੇ ਜੇ ਕਿਹਾ ਕਿ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਸੰਵਿਧਾਨ ਨਾਲ ਛੇੜ ਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋਡ਼ ਕੇ ਮਜ਼ਦੂਰਾਂ ਨੂੰ ਮਿਲੇ ਅਧਿਕਾਰ ਖੋਹ ਕੇ ਮਜ਼ਦੂਰਾਂ ਨੂੰ ਭੁੱਖਮਰੀ ਦਾ ਸ਼ਿਕਾਰ ਬਣਾਉਣ ਤੇ ਤੁਲੀ ਹੋਈ ਹੈ। ਉਥੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਚੋਣਾਂ ਦੌਰਾਨ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਚੁੱਕੀ ਹੈ ।ਉਨ੍ਹਾਂ ਕਿਹਾ ਕਿ ਸੱਤ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰਾਂ ਨਾਲ ਕੀਤੇ ਵਾਅਦੇ ਕੈਪਟਨ ਸਰਕਾਰ ਨੂੰ ਯਾਦ ਕਰਵਾਉਣ ਲਈ ਰਾਜ ਭਰ ਅੰਦਰ ਰੋਸ ਮਾਰਚ ਕੱਢ ਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਕੇ ਮਜ਼ਦੂਰਾਂ ਨੂੰ ਮਿਲੀਆਂ ਸਹੂਲਤਾਂ ਨੂੰ ਇੱਕ ਇੱਕ ਕਰਕੇ ਖੋਹਣ ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲੇ ਲੈਣ ਤੋਂ ਬਾਅਦ ਕੋਰੂਨਾ ਦੀ ਆੜ ਹੇਠ ਮਜ਼ਦੂਰ ਪੱਖੀ ਕਾਨੂੰਨਾਂ ਨੂੰ ਚਾਰ ਕੋਡਾਂ ਵਿਚ ਵੰਡ ਕੇ ਮਜ਼ਦੂਰਾਂ ਨੂੰ ਸਰਮਾਏਦਾਰ ਲੋਕਾਂ ਦਾ ਗੁਲਾਮ ਬਣਦਾ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਦੇ ਸੱਦੇ ਉੱਪਰ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ 13 ਸਤੰਬਰ ਨੂੰ ਮੋਤੀ ਮਹਿਲ ਪਟਿਆਲਾ ਵਿਖੇ ਕੀਤੇ ਜਾ ਰਹੇ ਘਿਰਾਓ ਸਬੰਧੀ ਪਿੰਡ ਪੱਧਰ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਮਜ਼ਦੂਰਾਂ ਨਾਲ ਮੀਟਿੰਗਾਂ ਕਰਕੇ ਲਾਮਬੰਦੀ ਕਰਨ ਲਈ ਤਿਆਰੀਆਂ ਪੂਰੇ ਜ਼ੋਸ਼ੋ ਖਰੋਸ ਨਾਲ ਆਰੰਭ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੋਤੀ ਮਹਿਲ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਪੂਰੇ ਪੰਜਾਬ ਚੋਂ ਮਜ਼ਦੂਰ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨਗੇ। ਇਸ ਮੌਕੇ ਮਜ਼ਦੂਰ ਆਗੂ ਸਾਧੂ ਸਿੰਘ ਛੀਨੀਵਾਲ, ਜਰਨੈਲ ਸਿੰਘ, ਪਰਮਜੀਤ ਸਿੰਘ, ਛੀਨੀਵਾਲ ਜਸਬੀਰ ਕੌਰ ਗੁੰਮਟੀ, ਸੋਕਤ ਅਲੀ ਸਹੌਰ, ਮਨਜੀਤ ਕੌਰ, ਦਰਸ਼ਨ ਸਿੰਘ ਬਾਹਮਣੀਆਂ, ਕਾਹਨ ਸਿੰਘ ਪੰਡੋਰੀ ਆਦਿ ਤੋ ਇਲਾਵਾ ਹੋਰ ਮਜ਼ਦੂਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।