7 ਜੂਨ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਨਾ ਮਿਲੇ ਵੀਜ਼ੇ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦੀ ਪੁਰਬ 16 ਜੂਨ ਨੂੰ ਮਨਾਂ ਰਹੀ ਹੈ

ਸਰਧਾਲੂਆਂ ਦੇ ਜਥੇ ਲਈ 14 ਤੋਂ 23 ਤੱਕ ਵੀਜੇ ਦੀ ਪ੍ਰਵਾਨਗੀ

 

ਅੰਮ੍ਰਿਤਸਰ,  ਜੂਨ 2019 -(ਗੁਰਦੇਵ ਸਿੰਘ ਗਾਲਿਬ)- ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਨੂੰ ਪਾਕਿਸਤਾਨੀ ਸਫ਼ਾਰਤਖਾਨੇ ਨੇ ਵੀਜ਼ੇ ਨਹੀਂ ਦਿੱਤੇ, ਜਿਸ ਕਾਰਨ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਭੇਜ ਸਕੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਰਾਮਸਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਹੈ ਜਦੋਂਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾਣਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ ਅਤੇ ਉਸ ਮੁਤਾਬਕ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ ਜਦੋਂਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ। ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਰਾਹੀਂ ਪਾਕਿਸਤਾਨੀ ਸਫ਼ਾਰਤਖਾਨੇ ਕੋਲ ਲਗਪਗ 80 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ। ਸ਼੍ਰੋਮਣੀ ਕਮੇਟੀ ਨੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸੱਤ ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਲਈ 4 ਜਾਂ 5 ਜੂਨ ਨੂੰ ਜਥਾ ਭੇਜਣ ਵਾਸਤੇ ਪ੍ਰਵਾਨਗੀ ਮੰਗੀ ਸੀ। ਮਿਲੇ ਵੇਰਵਿਆਂ ਮੁਤਾਬਕ ਪਾਕਿਸਤਾਨੀ ਸਫ਼ਾਰਤਖਾਨੇ ਨੇ ਇਸ ਮੁਤਾਬਿਕ ਵੀਜ਼ੇ ਨਹੀਂ ਦਿੱਤੇ ਹਨ ਅਤੇ 14 ਜੂਨ ਵਾਸਤੇ ਵੀਜ਼ੇ ਲੈਣ ਲਈ ਆਖਿਆ ਹੈ। ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਦਿਹਾੜਾ ਮਨਾਉਣ ਲਈ 14 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ, ਜੋ 23 ਜੂਨ ਨੂੰ ਪਰਤੇਗਾ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿੱਚ ਅੰਤਰ ਹੋਣ ਕਾਰਨ ਪਾਕਿਸਤਾਨੀ ਸਫ਼ਾਰਤਖਾਨੇ ਵਲੋਂ 14 ਜੂਨ ਵਾਸਤੇ ਵੀਜ਼ੇ ਦਿੱਤੇ ਜਾ ਰਹੇ ਸਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਮੁਤਾਬਕ 7 ਜੂਨ ਨੂੰ ਮਨਾਇਆ ਗਿਆ ਹੈ ਅਤੇ ਉਸ ਮੁਤਾਬਕ ਹੀ ਵੀਜ਼ੇ ਮੰਗੇ ਗਏ ਸਨ। ਇਸ ਮੁਤਾਬਕ ਵੀਜ਼ੇ ਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦਾ ਜੱਥਾ ਨਾ ਭੇਜਣ ਦਾ ਫੈਸਲਾ ਕੀਤਾ ਹੈ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਆ ਰਹੀ ਬਰਸੀ ’ਤੇ 27 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜਿਆ ਜਾਵੇਗਾ। ਇਸ ਦੌਰਾਨ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਸਮੇਤ ਤਿੰਨ ਸਿੱਖ ਜਥੇਬੰਦੀਆਂ ਦੇ ਲਗਪਗ 130 ਸ਼ਰਧਾਲੂਆਂ ਨੂੰ ਸ਼ਹੀਦੀ ਦਿਹਾੜਾ ਮਨਾਉਣ ਵਾਸਤੇ 14 ਜੂਨ ਤੋਂ 23 ਜੂਨ ਤਕ ਪਾਕਿਸਤਾਨ ਜਾਣ ਵਾਸਤੇ ਵੀਜ਼ੇ ਮਿਲੇ ਹਨ। ਜਥੇਬੰਦੀ ਦੇ ਲਗਪਗ 50 ਸ਼ਰਧਾਲੂਆਂ ਨੇ ਵੀਜ਼ੇ ਲਈ ਪਾਸਪੋਰਟ ਦਿੱਤੇ ਹੋਏ ਹਨ।