ਚੰਡੀਗੜ੍ਹ, ਜੂਨ 2019 ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਦਾ ਸਥਾਨਕ ਸਰਕਾਰਾਂ ਬਾਰੇ ਵਿਭਾਗ ਬਦਲੇ ਜਾਣ ਸਬੰਧੀ ਜਾਣਕਾਰੀ ਦਿੱਤੀ। ਕਾਂਗਰਸ ਪ੍ਰਧਾਨ ਨੇ ਕੈਪਟਨ ਅਤੇ ਸਿੱਧੂ ਵਿਚਾਲੇ ਪੈਦਾ ਹੋਏ ਮਸਲੇ ਦੇ ਹੱਲ ਦੀ ਜ਼ਿੰਮੇਵਾਰੀ ਸੀਨੀਅਰ ਕਾਂਗਰਸ ਆਗੂ ਅਹਿਮਦ ਪਟੇਲ ਨੂੰ ਸੌਂਪੀ ਹੈ।
ਸ੍ਰੀ ਸਿੱਧੂ ਨੇ ਕਾਂਗਰਸ ਪ੍ਰਧਾਨ ਨੂੰ ਇਕ ਪੱਤਰ ਵੀ ਸੌਂਪਿਆ ਪਰ ਇਸ ਪੱਤਰ ਦੇ ਵੇਰਵੇ ਪਤਾ ਨਹੀਂ ਲੱਗ ਸਕੇ। ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਨੇ ਸਿੱਧੂ ਨੂੰ ਆਪਣਾ ਕੰਮਕਾਜ ਜਾਰੀ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀਨੀਅਰ ਕਾਂਗਰਸ ਆਗੂ ਅਹਿਮਦ ਪਟੇਲ ਨੂੰ ਕਿਹਾ ਹੈ ਕਿ ਜਿਸ ਢੰਗ ਨਾਲ ਪਿਛਲੇ ਦਿਨੀਂ ਕੈਪਟਨ ਸਰਕਾਰ ਵਲੋਂ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ, ਉਸ ਤੋਂ ਉਹ ਖੁਸ਼ ਨਹੀਂ ਹਨ ਅਤੇ ਇਹ ਗੱਲ ਮੁੱਖ ਮੰਤਰੀ ਤੱਕ ਪੁੱਜਦੀ ਕਰ ਦਿੱਤੀ ਜਾਵੇ। ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਦਾ ਸੁਨੇਹਾ ਮੁੱਖ ਮੰਤਰੀ ਤੱਕ ਪੁੱਜਦਾ ਕਰ ਦਿੱਤਾ ਗਿਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਹਾਲ ਦੀ ਘੜੀ ਕੈਬਨਿਟ ਵਿਚ ਮੁੜ ਫੇਰਬਦਲ ਕਰਨ ਦੀ ਹਾਮੀ ਨਹੀਂ ਭਰੀ ਹੈ। ਇਸ ਸਥਿਤੀ ਵਿਚ ਸ੍ਰੀ ਸਿੱਧੂ ਦਿੱਤੇ ਗਏ ਨਵੇਂ ਬਿਜਲੀ ਵਿਭਾਗ ਦਾ ਚਾਰਜ ਲੈ ਲੈਣਗੇ ਜਾਂ ਉਡੀਕ ਕਰਨਗੇ ਜਾਂ ਇਨਕਾਰ ਕਰਨਗੇ, ਇਸ ਬਾਰੇ ਅਗਲੇ ਇਕ-ਦੋ ਦਿਨਾਂ ਵਿਚ ਸਥਿਤੀ ਸਪੱਸ਼ਟ ਹੋਵੇਗੀ। ਇਹ ਵੀ ਚਰਚਾ ਹੈ ਕਿ ਉਹ ਕਾਂਗਰਸ ਵਿਚ ਵਿਧਾਇਕ ਤਾਂ ਬਣੇ ਰਹਿਣ ਪਰ ਵਜ਼ਾਰਤ ਤੋਂ ਅਸਤੀਫ਼ਾ ਦੇ ਦੇਣ।
ਦੱਸਣਯੋਗ ਹੈ ਕਿ ਕੈਪਟਨ ਅਤੇ ਸਿੱਧੂ ਵਿਚਾਲੇ ਕਈਆਂ ਮਸਲਿਆਂ ਨੂੰ ਲੈ ਕੇ ਮੱਤਭੇਦ ਪੈਦਾ ਹੋ ਗਏ ਸਨ ਤੇ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਵਿਚ ਚੋਣ ਪ੍ਰਚਾਰ ਕਰਦਿਆਂ ਸਿੱਧੂ ਦੀ ਬਿਆਨਬਾਜ਼ੀ ਤੋਂ ਮੁੱਖ ਮੰਤਰੀ ਖਫ਼ਾ ਹੋ ਗਏ ਸਨ ਤੇ ਉਨ੍ਹਾਂ ਨੇ ਵੋਟਾਂ ਪੈਣ ਵਾਲੇ ਦਿਨ ਮੋੜਵਾਂ ਜਵਾਬ ਦਿੰਦਿਆਂ ਕਿਹਾ ਸੀ ਕਿ ਸਿੱਧੂ ਨੂੰ ਅਜਿਹਾ ਬਿਆਨ ਦੇਣ ਦੀ ਕੀ ਲੋੜ ਸੀ। ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਇਕ ਕਦਮ ਅੱਗੇ ਵਧਦਿਆਂ ਕਿਹਾ ਸੀ ਕਿ ਸ਼ਹਿਰਾਂ ਵਿਚ ਕੰਮ-ਕਾਜ ਠੀਕ ਨਾ ਹੋਣ ਕਰਕੇ ਕਾਂਗਰਸ ਪਾਰਟੀ ਨੂੰ ਸ਼ਹਿਰਾਂ ਵਿਚ ਵੋਟਾਂ ਘੱਟ ਮਿਲੀਆਂ ਹਨ। ਇਸ ਕਰਕੇ ਕਾਂਗਰਸ ਬਠਿੰਡਾ ਲੋਕ ਸਭਾ ਹਲਕੇ ਦੀ ਚੋਣ ਹਾਰੀ ਹੈ। ਛੇ ਜੂਨ ਨੂੰ ਜਿਸ ਸਮੇਂ ਸਿੱਧੂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਉਸ ਸਮੇਂ ਵਜ਼ਾਰਤ ਦੀ ਮੀਟਿੰਗ ਚੱਲ ਰਹੀ ਸੀ। ਉਸ ਮੀਟਿੰਗ ਵਿਚ ਪ੍ਰੈੱਸ ਕਾਨਫਰੰਸ ਵੀ ਦਿਖਾਈ ਗਈ, ਜਿਸ ਵਿਚ ਕੁਝ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ। ਉਸ ਸ਼ਾਮ ਹੀ ਉਨ੍ਹਾਂ ਦਾ ਵਿਭਾਗ ਬਦਲ ਦਿਤਾ ਗਿਆ। ਉਸ ਤੋਂ ਬਾਅਦ ਕਾਇਮ ਕੀਤੀਆਂ ਸਲਾਹਕਾਰ ਕਮੇਟੀਆਂ ਵਿਚ ਵੀ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ।