ਪਿੰਡ ਨਿਹਾਲੂਵਾਲ 'ਚ ਕੁਲਵੰਤ ਸਿੰਘ ਟਿੱਬਾ ਨੇ ਮਨਰੇਗਾ ਮਜਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਲੋਕ ਮਸਲਿਆਂ ਦੇ ਹੱਲ ਲਈ ਸੰਜੀਦਾ ਯਤਨ ਕਰਾਂਗੇ - ਕੁਲਵੰਤ ਸਿੰਘ ਟਿੱਬਾ 

ਮਹਿਲ ਕਲਾਂ/ਬਰਨਾਲਾ- 11 ਨਵੰਬਰ-    (ਗੁਰਸੇਵਕ ਸੋਹੀ)- ਇਲਾਕਾ ਮਹਿਲ ਕਲਾਂ ਵਿੱਚ ਲੋਕ ਹਿਤਾਂ ਲਈ ਸਰਗਰਮ ਸੰਸਥਾ "ਹੋਪ ਫਾਰ ਮਹਿਲ ਕਲਾਂ" ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਨਿਹਾਲੂਵਾਲ ਵਿਖੇ ਮਨਰੇਗਾ ਮਜਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਹੀ ਉਨ੍ਹਾਂ ਦੇ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਤੇ ਸੰਸਥਾ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਧੰਦਿਆਂ ਲਈ ਸਰਕਾਰੀ ਦਫਤਰਾਂ ਵਿਚ ਮਹੀਨਿਆਂਬੱਧੀ ਧੱਕੇ ਖਾਣੇ ਪੈਂਦੇ ਹਨ ਅਤੇ ਸਾਡੀ ਸੰਸਥਾ ਨੇ ਇਹ ਤਹੱਈਆ ਕੀਤਾ ਕਿ ਆਮ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੋ ਰਹੀ ਖੱਜਲ ਖੁਆਰੀ ਨੂੰ ਰੋਕਿਆ ਜਾਵੇ।ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਾਡੀ ਸੰਸਥਾ "ਹੋਪ ਫਾਰ ਮਹਿਲ ਕਲਾਂ" ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੀ ਪਿੰਡ ਨਿਹਾਲੂਵਾਲ ਵਿਖੇ ਮੀਟਿੰਗ ਕੀਤੀ ਗਈ ਹੈ ਤਾਂ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਲਾਕਾ ਮਹਿਲ ਕਲਾਂ ਦੇ ਲੋਕ ਆਪਣੇ ਕੰਮਾਂ ਧੰਦਿਆਂ ਦੇ ਹੱਲ ਲਈ ਉਨ੍ਹਾਂ ਦੀ ਟੀਮ ਨਾਲ ਵੱਡੀ ਪੱਧਰ ਤੇ ਸੰਪਰਕ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਿੱਕੇ ਨਿੱਕੇ ਕੰਮਾਂ ਲਈ ਵੀ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਵੱਡੇ ਪੱਧਰ ਤੇ ਖੱਜਲ ਖੁਆਰੀ ਹੋ ਰਹੀ ਹੈ ਪਰ ਸਾਡੀ ਟੀਮ ਵੱਲੋਂ ਕੀਤੇ ਜਾ ਰਹੇ ਯਤਨਾਂ ਨਾਲ ਆਮ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ।ਉਨ੍ਹਾਂ ਅਪੀਲ ਕੀਤੀ ਕਿ ਇਲਾਕਾ ਮਹਿਲ ਕਲਾਂ ਦੇ ਲੋਕ ਬਿਨਾਂ ਝਿਜਕ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਡੀ ਸੰਸਥਾ 'ਹੋਪ ਫਾਰ ਮਹਿਲ ਕਲਾਂ' ਨਾਲ ਜੁੜ ਕੇ ਲੋਕ ਹਿੱਤਾਂ ਦੀ ਪ੍ਰਾਪਤੀ ਲਈ ਵਿੱਢੀ ਇਸ ਮੁਹਿੰਮ ਵਿਚ ਯੋਗਦਾਨ ਪਾਉਣ।