You are here

ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਣ, ਸਮਝਣ ਅਤੇ ਹੱਲ ਕਰਨ ਦੇ ਨਜ਼ਰੀਏ ਵਿੱਚ ਬਦਲਾਅ ਲਿਆਉਣ-ਬ੍ਰਹਮ ਮਹਿੰਦਰਾ

ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਤੌਰ 'ਤੇ ਹੱਲ ਕਰਨ ਲਈ ਹਦਾਇਤਾਂ ਜਾਰੀ

ਲੁਧਿਆਣਾ,ਜੂਨ 2019 ( ਮਨਜਿੰਦਰ ਗਿੱਲ )—ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ਿਲਾ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਣ, ਸਮਝਣ ਅਤੇ ਹੱਲ ਕਰਨ ਦੇ ਨਜ਼ਰੀਏ ਵਿੱਚ ਬਦਲਾਅ ਲਿਆਉਣ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈ ਸਕਣ। ਬ੍ਰਹਮ ਮਹਿੰਦਰਾ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸੁਰਿੰਦਰ ਡਾਵਰ, ਸੰਜੇ ਤਲਵਾੜ (ਦੋਵੇਂ ਵਿਧਾਇਕ), ਮੇਅਰ  ਬਲਕਾਰ ਸਿੰਘ ਸੰਧੂ ਤੋਂ ਇਲਾਵਾ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਾ ਨੇ ਕਿਹਾ ਕਿ ਕੋਈ ਵੀ ਪ੍ਰਸਾਸ਼ਨ ਕਿਸੇ ਸਰਕਾਰ ਦਾ ਮਹੱਤਵਪੂਰਨ ਅੰਗ ਹੁੰਦਾ ਹੈ, ਜਿਸ ਦੇ ਜ਼ਰੀਏ ਸਰਕਾਰ ਨੇ ਲੋਕ ਪੱਖੀ ਨੀਤੀਆਂ ਨੂੰ ਸਫ਼ਲਤਾਪੂਰਵਕ ਲਾਗੂ ਕਰਾਉਣਾ ਹੁੰਦਾ ਹੈ ਪਰ ਦੇਖਣ ਵਿੱਚ ਆਉਂਦਾ ਹੈ ਕਿ ਕਈ ਪ੍ਰਸਾਸ਼ਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਦੀ ਬਿਜਾਏ ਉਨਾਂ ਨੂੰ ਠੰਢੇ ਬਸਤੇ ਪਾਈ ਰੱਖਦੇ ਹਨ, ਨਤੀਜਤਨ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਅਤੇ ਅਵਿਸ਼ਵਾਸ਼ ਦੀ ਭਾਵਨਾ ਪੈਦਾ ਹੋ ਜਾਂਦੀ ਹੈ। ਉਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਾਂ ਪੱਖੀ ਨਜ਼ਰੀਆ ਅਪਨਾਉਣ। ਉਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਿਲਾ ਪੱਧਰ 'ਤੇ ਹੀ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਚੰਡੀਗੜ ਤੱਕ ਨਾ ਪਹੁੰਚ ਕਰਨੀ ਪਵੇ। ਉਨਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੀ ਮੀਟਿੰਗ ਵਿੱਚ ਲਿਖ਼ਤੀ ਸ਼ਿਕਾਇਤਾਂ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਵਿੱਚ ਸਾਰੇ ਮੈਂਬਰਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮੀਟਿੰਗ ਵਿੱਚ ਹਰੇਕ ਵਿਭਾਗ ਦਾ ਜ਼ਿਲਾ ਮੁੱਖੀ ਅਧਿਕਾਰੀ ਨਿੱਜੀ ਤੌਰ 'ਤੇ ਹਾਜ਼ਰ ਹੋਵੇ। ਉਨਾਂ ਐਲਾਨ ਕੀਤਾ ਕਿ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੁਣ ਹਰੇਕ ਮਹੀਨੇ ਹੋਇਆ ਕਰੇਗੀ। ਜਿਸ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਦੀ ਜਿੰਮੇਵਾਰੀ ਨਿਯਤ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਰਫ਼ ਸਹੀ ਸ਼ਿਕਾਇਤਾਂ ਹੀ ਕਰਨ। ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤ ਭੂਸ਼ਣ ਆਸ਼ੂ, ਰਵਨੀਤ ਸਿੰਘ ਬਿੱਟੂ, ਵਿਧਾਇਕ ਸਾਹਿਬਾਨ ਅਤੇ ਮੈਂਬਰ ਸਾਹਿਬਾਨ ਨੇ ਜ਼ਿਲ•ਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਵੇਰਵਾ ਪੇਸ਼ ਕੀਤਾ ਅਤੇ ਇਨਾਂ ਦੇ ਹੱਲ ਲਈ  ਬ੍ਰਹਮ ਮਹਿੰਦਰਾ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ। ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲਗਾਉਣ ਲਈ ਖੁਦ ਫੀਲਡ ਵਿੱਚ ਜਾਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕ ਹਿੱਤ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦੇਣ ਲਈ ਉਪਰਾਲੇ ਕਰਨ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਨਾਲ ਲੋਕਾਂ ਦਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਚੇਅਰਮੈਨ ਅਤੇ ਹੋਰ ਮੈਂਬਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਮੀਟਿੰਗ ਦੀ ਕਾਰਵਾਈ ਚਲਾਈ।