ਨਵੀਂ ਦਿੱਲੀ, ਜੂਨ 2019 ਸੰਸਦ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਕਾਰ ਵੱਲੋਂ ਅੱਜ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਨੇ ਕਿਸਾਨੀ ਮੁਸ਼ਕਲਾਂ, ਬੇਰੁਜ਼ਗਾਰੀ ਤੇ ਸੋਕੇ ਜਿਹੇ ਮਸਲਿਆਂ ’ਤੇ ਸੰਸਦ ਵਿੱਚ ਬਹਿਸ ਕਰਵਾਏ ਜਾਣ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਜੰਮੂ ਤੇ ਕਸ਼ਮੀਰ ’ਚ ਛੇਤੀ ਚੋਣਾਂ ਕਰਵਾਉਣ, ਮਹਿਲਾ ਰਾਖਵਾਂਕਰਨ ਬਿੱਲ ਤੇ ਚੋਣ ਸੁਧਾਰਾਂ ਦਾ ਮੁੱਦਾ ਵੀ ਚੁੱਕਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੀਟਿੰਗ ਵਿਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ, ਅਧੀਰ ਰੰਜਨ ਚੌਧਰੀ, ਕੇ.ਸੁਰੇਸ਼, ਨੈਸ਼ਨਲ ਕਾਨਫਰੰਸ ਦੇ ਆਗੂ ਫ਼ਾਰੂਕ ਅਬਦੁੱਲਾ, ਤ੍ਰਿਣਮੂਲ ਕਾਂਗਰਸ ਦੇ ਆਗੂ ਡੈਰੇਕ ਓਬ੍ਰਾਇਨ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਜ਼ਾਦ ਨੇ ਕਿਹਾ ਕਿ ਪਾਰਟੀਆਂ ਦਰਮਿਆਨ ‘ਵਿਚਾਰਧਾਰਾ ਦੀ ਲੜਾਈ’ ਹੋ ਸਕਦੀ ਹੈ, ਪਰ ਉਹ ਲੋਕ ਹਿੱਤਾਂ ਨਾਲ ਸਬੰਧਤ ਕਿਸੇ ਵੀ ਬਿੱਲ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨੀ ਮੁਸ਼ਕਲਾਂ, ਬੇਰੁਜ਼ਗਾਰੀ ਤੇ ਸੋਕੇ ਜਿਹੇ ਮੁੱਦਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ। ਸ੍ਰੀ ਆਜ਼ਾਦ ਨੇ ਜੰਮੂ-ਕਸ਼ਮੀਰ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੀ ਮੰਗ ਵੀ ਕੀਤੀ, ਜਿੱਥੇ ਇਸੇ ਵੇਲੇ ਰਾਸ਼ਟਰਪਤੀ ਰਾਜ ਲਾਗੂ ਹੈ। ਕਾਂਗਰਸੀ ਆਗੂ ਨੇ ਸਵਾਲ ਕੀਤਾ ਕਿ ਜੇਕਰ ਜੰਮੂ-ਕਸ਼ਮੀਰ ’ਚ ਸੰਸਦੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ ਤਾਂ ਵਿਧਾਨ ਸਭਾ ਚੋਣਾਂ ਕਿਉਂ ਨਹੀਂ ? ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਲਗਦਾ ਹੈ ਕਿ ਕੇਂਦਰ ਸਰਕਾਰ ਰਾਜਪਾਲ ਪ੍ਰਸ਼ਾਸਨ ਜ਼ਰੀਏ ਰਾਜ ਦੀ ਹਕੂਮਤ ਚਲਾਉਣਾ ਚਾਹੁੰਦੀ ਹੈ। ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓਬ੍ਰਾਇਨ ਤੇ ਸੁਦੀਪ ਬੰਡੋਪਾਧਿਆਏ ਨੇ ਇਸ ਸੈਸ਼ਨ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਦੀ ਮੰਗ ਕੀਤੀ, ਜੋ ਲੋਕ ਸਭਾ ਤੇ ਰਾਜ ਸਭਾ ਵਿੱਚ ਮਹਿਲਾਵਾਂ ਨੂੰ ਇਕ ਤਿਹਾਈ ਸੀਟਾਂ ’ਤੇ ਰਾਖਵਾਂਕਰਨ ਦੇਣ ਦੀ ਮੰਗ ਕਰਦਾ ਹੈ। ਵਿਰੋਧੀ ਧਿਰ ਨੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤੇ ਜਾਣ ’ਤੇ ਫਿਕਰਮੰਦੀ ਜ਼ਾਹਿਰ ਕਰਦਿਆਂ ਜ਼ੋਰ ਦਿੱਤਾ ਕਿ ਰਾਜਾਂ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਜ਼ਾਦ ਨੇ ਮੀਟਿੰਗ ਉਪਰੰਤ ਕਿਹਾ, ‘ਅਸੀਂ ਸਰਕਾਰ ਨੂੰ ਵਧਾਈ ਦਿੰਦੇ ਹਾਂ, ਪਰ ਅਸੀਂ ਉਨ੍ਹਾਂ ਨੂੰ ਇਹ ਵੀ ਦੱਸਣਾ ਚਾਹਾਂਗੇ ਕਿ ਇਹ ਵਿਚਾਰਧਾਰਾ ਦੀ ਲੜਾਈ ਸੀ ਤੇ ਰਹੇਗੀ।’ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਧਰਮਨਿਰਪੱਖ ਤਾਕਤਾਂ ਦੀ ਬੁਨਿਆਦ ਹੈ ਤੇ ਇਸ ਜਜ਼ਬੇ ਨੂੰ ਜਿਊਂਦਾ ਰੱਖਣ ਲਈ ਕੰਮ ਕਰਦੀ ਰਹੇਗੀ।’ ਉਨ੍ਹਾਂ ਕਿਹਾ, ‘ਅਸੀਂ ਸੱਤਾ ਵਿੱਚ ਹੋਈਏ ਜਾਂ ਨਾ, ਅਸੀਂ ਕਿਸਾਨਾਂ, ਕਿਰਤੀਆਂ ਤੇ ਮਹਿਲਾਵਾਂ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ।’ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਮੀਟਿੰਗ ਦੌਰਾਨ ਪੱਤਰਕਾਰਾਂ ਦੀ ਆਜ਼ਾਦੀ ਦਾ ਮੁੱਦਾ ਵੀ ਚੁੱਕਿਆ। 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਭਲਕੇ 17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ।