You are here

ਐਸ ਐਸ ਪੀ ਦਫ਼ਤਰ ਅੱਗੇ ਧਰਨਾ 03 ਜਨਵਰੀ , ਨਿਹੰਗ ਸਿੰਘ ਦਲ਼ ਵੀ ਹੋਣਗੇ ਸ਼ਾਮਲ਼

ਜਗਰਾਉਂ 2 ਜਨਵਰੀ ( ਜਸਮੇਲ ਗ਼ਾਲਿਬ ) ਕੁਲਵੰਤ ਕੌਰ ਰਸੂਲਪੁਰ ਦੀ ਮੌਤ ਦੇ ਮੁੱਖ ਦੋਸ਼ੀ ਤੱਤਕਾਲੀ ਥਾਣਾ ਸਿਟੀ ਗੁਰਿੰਦਰ ਬੱਲ, ਚੌਂਕੀ ਇੰਚਾਰਜ ਏ.ਅੈਸ.ਆਈ. ਰਾਜਵੀਰ ਤੇ ਸਰਪੰਚ ਹਰਜੀਤ ਸਿੰਘ ਦੀ ਗ੍ਰਿਫਤਾਰੀ ਲਈ ਸਮੂਹ ਜਨਤਕ ਜੱਥੇਬੰਦੀਆਂ ਵਲੋਂ ਅੱਜ ਜਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾ ਤੇ ਬਲਵਿੰਦਰ ਸਿੰਘ ਪੋਨਾ, ਨੌਜਵਾਨ ਭਾਰਤ ਸਭਾ ਸੂਬਾ ਕਮੇਟੀ ਮੈਂਬਰ ਕਰਮਜੀਤ ਕੋਟਕਪੂਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਕਾਮਰੇਡ ਗੁਰਦੀਪ ਸਿੰਘ ਤਹਿਸੀਲ ਸਕੱਤਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਸਮੁੱਚੀਆਂ ਇਨਸਾਫ਼ਪਸੰਦ ਜੱਥੇਬੰਦੀਆਂ ਵਲੋਂ 3 ਜਨਵਰੀ ਨੂੰ ਜਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਧਰਨੇ ਦੀਆਂ ਲੱਗਭੱਗ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।  ਉਨ੍ਹਾਂ ਕਿਹਾ ਕਿ ਇਲਾਕੇ ਦ ਲੱਗਭੱਗ ਸਾਰੇ ਪਿੰਡਾਂ ਵਿੱਚ ਵੱਖ-ਵੱਖ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਲਾਮਬੰਦ ਕੀਤਾ ਚੁੱਕਾ ਹੈ। ਉਨ੍ਹਾਂ ਇਲਾਕੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਧਰਨੇ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕਰਦੇ ਹੋਏ ਆਸ ਪ੍ਰਗਟਾਈ ਕਿ ਇਨਸਾਫ਼ ਦੀ ਜੰਗ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਿੱਸਾ ਲੈਣਗੇ।