ਜਗਰਾਓਂ 28 ਜਨਵਰੀ (ਅਮਿਤ ਖੰਨਾ)- ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਇਸ ਮੌਕੇ ਧੰਨ ਗੁਰੂ ਰਾਮਦਾਸ ਮਹਾਰਾਜ ਅਤੇ ਸ਼੍ਰੀ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ, ਚਡ਼੍ਹਦੀ ਕਲਾ ਅਤੇ ਸ਼ੁਕਰਾਨੇ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਕਿਸੇ ਵੀ ਕਾਰਜ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਣਾ ਚਾਹੀਦਾ ਹੈ। ਜਿਸ ਨਾਲ ਜਿੱਥੇ ਪ੍ਰਮਾਤਮਾ ਦੀ ਕ੍ਰਿਪਾ ਬਣੀ ਰਹਿੰਦੀ ਹੈ, ਉੱਥੇ ਕਾਰਜ ਦੀ ਸਫ਼ਲਤਾ ਦਾ ਮੁੱਢ ਬੱਝਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਵਿਧਾਇਕ ਇਆਲੀ ਨੇ ਸਾਦੇ ਢੰਗ ਨਾਲ ਵਿਧਾਨ ਸਭਾ ਹਲਕਾ ਦਾਖਾ ਦੇ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਦੱਸਣਯੋਗ ਹੈ ਕਿ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਚੌਥੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੇ ਹਨ, ਡੇਢ ਦਹਾਕੇ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਵਿਧਾਇਕ ਇਆਲੀ ਦਾ ਹਲਕੇ ਵਿੱਚ ਕਾਫ਼ੀ ਚੰਗਾ ਤਕੜਾ ਅਸਰ ਰਸੂਖ ਹੈ, ਉਨ੍ਹਾਂ ਗੁਰੂ ਕਿਰਪਾ ਸਦਕਾ ਜ਼ਿਮਨੀ ਚੋਣਾਂ-2019 ਵਿੱਚ ਜਿੱਤ ਹਾਸਲ ਕੀਤੀ ਸੀ। ਇਸ ਵਾਰ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਵੀ ਉਨ੍ਹਾਂ ਦਾ ਜਨ ਆਧਾਰ ਕਾਫ਼ੀ ਮਜ਼ਬੂਤ ਹੈ ਅਤੇ ਉਨ੍ਹਾਂ ਵੱਲੋਂ ਹੈਟ੍ਰਿਕ ਲਗਾਉਣ ਦੀ ਸਥਿਤੀ ਸਾਫ ਨਜ਼ਰ ਆ ਰਹੀ ਹੈ।