ਜਗਰਾਓਂ 15 ਫ਼ਰਵਰੀ (ਅਮਿਤ ਖੰਨਾ) ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਉਮੀਦਵਾਰ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਸ਼ਹਿਰ ਵਿੱਚ ਪੈਦਲ ਮਾਰਚ ਕਰਦਿਆਂ 20 ਫਰਵਰੀ ਨੂੰ ਝਾੜੂ ਦੇ ਚੋਣ ਨਿਸ਼ਾਨ ਤੇ ਦੁਕਾਨਦਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ । ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੌਣੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਈ ਰੱਖਿਆ ਪਰ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਾਲ ਵਿੱਚ ਵੀ ਮਹਿਲ ਵਿੱਚੋਂ ਬਾਹਰ ਨਿਕਲ ਕੇ ਲੋਕਾਂ ਦੀ ਸਾਰ ਲੈਣਾ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ 111 ਦਿਨਾਂ ਦੇ ਕਾਰਜਕਾਲ ਵਿੱਚ ਸਿਰਫ਼ ਐਲਾਨ ਹੀ ਕੀਤੇ ਹਨ ਹੋਰ ਕੁਝ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਨੇ ਜਗਰਾਉਂ ਹਲਕੇ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਤਾਂ ਜੋ ਕਿ ਪੰਜਾਬ ਵਿੱਚ ਦਿੱਲੀ ਮਾਡਲ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ ।