You are here

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿੱਚ ਕੀਤਾ ਰੋਸ  ਮੁਜ਼ਾਹਰਾ

ਸੰਸਾਰ ਅਮਨ ਵਾਸਤੇ ਨਾਟੋ ਸਮੇਤ ਬਾਕੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਮੰਗ

ਮੋਗਾ  (ਰਣਜੀਤ ਸਿੱਧਵਾਂ)  :  ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਯੂਕਰੇਨ ਉੱਪਰ ਰੂਸ ਦੇ ਫੌਜੀ ਹਮਲੇ ਵਿਰੁੱਧ ਲੋਕ ਰਾਇ ਲਾਮਬੰਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਜੋਰਦਾਰ ਢੰਗ ਨਾਲ ਅਮਨ-ਅਮਾਨ ਲਈ ਯੂਕਰੇਨ ਉੱਪਰ ਫੌਜੀ ਹਮਲਾ ਤੁਰੰਤ ਰੋਕੇ ਜਾਣ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦਿਆਂ ਮੋਗਾ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ  ਨੌਜਵਾਨ ਭਾਰਤ ਸਭਾ ਦੇ ਇਲਾਕਾ ਪ੍ਰਧਾਨ ਰਜਿੰਦਰ ਸਿੰਘ ਰਾਜੇਆਣਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਕਰਮਜੀਤ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਰਾਜੇਆਣਾ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਇਸ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਜੰਗ ਦੱਸਿਆ ਹੈ। ਔਰਤ ਵਿੰਗ ਦੇ ਆਗੂ ਜਗਵਿੰਦਰ ਕੌਰ ਰਾਜੇਆਣਾ,  ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ ਨੇ ਦੱਸਿਆ ਕਿ ਸਾਮਰਾਜੀ ਸ਼ਕਤੀਆਂ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ-ਖਸੁੱਟ ਕਰਨ ਅਤੇ ਕਰੋੜਾਂ-ਅਰਬਾਂ ਮਿਹਨਤਕਸ਼ ਲੋਕਾਂ ਵਿਰੁੱਧ ਜਾਰੀ ਆਪਣੀਆਂ ਸਾਜਿਸ਼ਾਂ ਦਾ ਨਵਾਂ ਖਾਜਾ ਯੂਕਰੇਨ ਬਣਾਇਆ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਤਾਕਤ ਦੇ ਸਮਤੋਲ ਨੂੰ ਮੁੜ ਤੋਂ ਪ੍ਰੀਭਾਸ਼ਤ ਕਰਨ ਲਈ ਛੇੜੀ ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ-ਅਸਿੱਧੇ ਢੰਗ ਨਾਲ ਪ੍ਰਭਾਵਿਤ ਹੋਣਗੇ।  ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜਸਮੇਲ ਸਿੰਘ ਰਾਜੇਆਣਾ, ਜਸਵੰਤ ਸਿੰਘ ਮੰਗੇਵਾਲਾ, ਪੇਂਡੂ ਮਜਦੂਰ ਯੂਨੀਅਨ ਦੇ ਆਗੂ ਗੁਰਚਰਨ ਸਿੰਘ ਮਹਿਣਾ, ਸਾਹਿਤਕਾਰ ਮੈਡਮ ਬੇਅੰਤ ਕੌਰ ਨੇ ਦੱਸਿਆ ਕਿ ਜਿੱਥੇ ਰੂਸ ਨੂੰ ਇਸ ਹਮਲੇ ਲਈ ਜ਼ਿੰਮੇਵਾਰ ਠਹਿਰਾਇਆ ਹੈ ਉਥੇ ਅਮਰੀਕਾ ਦੇ ਨਾਟੋ ਸੰਗਠਨ ਸਮੇਤ ਜਰਮਨੀ-ਫਰਾਂਸ ਵਰਗੀਆਂ ਸਾਮਰਾਜੀ ਤਾਕਤਾਂ ਨੂੰ ਵੀ ਇਸ ਹਮਲੇ ਲਈ ਬਰਾਬਰ ਦੇ ਦੋਸ਼ੀ ਗਰਦਾਨਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਨਾਟੋ ਦੇ ਵਿਸਥਾਰ ਦੀ ਧੁੱਸ, ਜਰਮਨੀ-ਫਰਾਂਸ ਦੀ ਅਗਵਾਈ ਵਾਲੀ ਯੂਰਪੀ-ਯੂਨੀਅਨ ਵੱਲੋਂ ਯੂਕਰੇਨ ’ਤੇ ਆਪਣਾ ਕੰਟਰੋਲ ਵਧਾਉਣ ਦੇ ਯਤਨ ਅਤੇ ਰੂਸ ਵੱਲੋਂ ਯੂਕਰੇਨ ਸਮੇਤ ਪੂਰਬੀ ਯੂਰਪ ਉੱਪਰ ਆਰਥਿਕ-ਸਿਆਸੀ ਸਰਦਾਰੀ ਸਥਾਪਤ ਕਰਨ ਦੇ ਸਾਮਰਾਜੀ ਹਿੱਤਾਂ ਨੂੰ ‘ਜਮਹੂਰੀਅਤ’ ਦੇ ਪਰਦੇ ਹੇਠ ਢੱਕਣ ਦਾ ਪਾਖੰਡ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਕਰੇਨ ਦੇ ਹੁਕਮਰਾਨਾਂ ਵੱਲੋਂ ਆਪਣੇ ਦੇਸ਼ ਨੂੰ ਸਾਮਰਾਜੀ ਤਾਕਤਾਂ ਦੀ ਖਹਿ ਦਾ ਨਿਸ਼ਾਨਾ ਬਣਾਏ ਜਾਣ ਵਿੱਚ ਨਿਭਾਈ ਭੂਮਿਕਾ ਦੀ ਨਿਖੇਧੀ ਕਰਨ ਦੇ ਨਾਲ-ਨਾਲ ਦੇਸ਼ ਦੀ ਕੇਂਦਰ ਸਰਕਾਰ ਦੀ ਇਸ ਮਸਲੇ ’ਤੇ ਸਾਮਰਾਜੀ ਤਾਕਤਾਂ ਦੀ ਸੇਵਾ ਵਿੱਚ ਭੁਗਤ ਰਹੀ ਕਮਜ਼ੋਰ ਅਤੇ ਅਸਪੱਸ਼ਟ ਵਿਦੇਸ਼ ਨੀਤੀ ਦੀ ਜੋਰਦਾਰ ਨਿਖੇਧੀ ਕੀਤੀ ਹੈ। ਯੂਕਰੇਨ ਉੱਪਰ ਰੂਸੀ ਫੌਜੀ ਹਮਲੇ ਨੂੰ ਤੁਰੰਤ ਰੋਕੇ ਜਾਣ, ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜਾਂ ਨੂੰ ਤੁਰੰਤ ਭੰਗ ਕੀਤੇ ਜਾਣ ਦੀ ਮੰਗ ਦੇ ਹੱਕ ਵਿੱਚ ਲੋਕਾਂ ਨੂੰ ਜੋਰਦਾਰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਹਰ ਸਿੰਘ ਮੰਗੇਵਾਲਾ, ਕੁਲਦੀਪ ਸਿੰਘ ਖੁਖਰਾਣਾ, ਗੁਰਸੇਵਕ ਸਿੰਘੋ ਫੌਜੀ, ਮਲਕੀਤ ਸਿੰਘ ਲੰਡੇ, ਰਜਿੰਦਰ ਸਿੰਘ ਰਿਆੜ, ਮਾਸਟਰ ਸਰਬਜੀਤ ਸਿੰਘ ਦੌਧਰ, ਸਤਨਾਮ ਸਿੰਘ ਡਾਲਾ ਆਦਿ ਹਾਜ਼ਰ ਸਨ।