ਜਗਰਾਉਂ (ਰਣਜੀਤ ਸਿੱਧਵਾਂ) ਸੀ.ਪੀ.ਆਈ (ਐਮ.ਐਲ) ਨਿਊਡੈਮੋਕਰੇਸੀ ਦੇ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਜਗਰਾਉਂ ਵਿਖੇ ਯੂਕਰੇਨ ਉਪਰ ਰੂਸੀ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਮਜ਼ਦੂਰ ਆਗੂ ਅਵਤਾਰ ਸਿੰਘ ਰਸੂਲਪੁਰ ਤੇ ਮਨੁੱਖੀ ਅਧਿਕਾਰ ਜਥੇਬੰਦੀ ਦੇ ਸਤਨਾਮ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਰੂਸ ਅਤੇ ਅਮਰੀਕਾ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ -ਖਸੁੱਟ ਕਰਨਾ ਅਤੇ ਕਰੋੜਾਂ ਅਰਬਾਂ ਕਿਰਤੀ ਲੋਕਾਂ ਵਿਰੁੱਧ ਜਾਰੀ ਆਪਣੀਆਂ ਸਾਜ਼ਿਸ਼ਾਂ ਦਾ ਨਵਾਂ ਖਾਜਾ ਯੂਕਰੇਨ ਨੂੰ ਬਣਾਇਆ ਜਾ ਰਿਹਾ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਤਾਕਤ ਦੇ ਸਮਤੋਲ ਨੂੰ ਮੁੜ ਤੋਂ ਪ੍ਰੀਭਾਸ਼ਿਤ ਕਰਨ ਲਈ ਛੇੜੀ ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ-ਅਸਿੱਧੇ ਢੰਗ ਨਾਲ ਪ੍ਰਭਾਵਿਤ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਰੂਸੀ ਹਮਲਾ ਤੁਰੰਤ ਰੋਕਿਆ ਜਾਵੇ ਅਤੇ ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫ਼ੌਜੀ ਗੱਠਜੋੜ ਮੁੱਢੋਂ ਭੰਗ ਕੀਤੇ ਜਾਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਰਸੂਲਪੁਰ, ਨਿਰਮਲ ਸਿੰਘ, ਜਗਰੂਪ ਸਿੰਘ ਝੋਰੜਾ, ਸਾਧੂ ਸਿੰਘ ਅੱਚਰਵਾਲ, ਬਲਵਿੰਦਰ ਸਿੰਘ ਕੋਠੇ ਪੋਨਾ ਅਤੇ ਸੁਖਦੇਵ ਸਿੰਘ ਮਾਣੂੰਕੇ ਹਾਜ਼ਰ ਸਨ।