You are here

ਪਾਵਰਕਾਮ ਆਮ ਲੋਕਾਂ ਦੇ ਘਰੇਲੂ ਬਿਜਲੀ ਕੁਨੈਕਸ਼ਨ ਕੱਟਣੇ ਬੰਦ ਕਰੇ : ਮਜ਼ਦੂਰ ਆਗੂ  

ਜਗਰਾਉਂ   (ਰਣਜੀਤ ਸਿੱਧਵਾਂ)  :  ਪਾਵਰਕਾਮ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਉਗਰਾਹੁਣ ਲਈ ਧੜਾ-ਧੜ ਆਮ ਲੋਕਾਂ ਦੇ ਘਰੇਲੂ ਬਿਜਲੀ ਕੁਨੈਕਸ਼ਨ ਕੱਟ ਰਿਹਾ ਹੈ। ਜੇਕਰ ਪਾਵਰਕਾਮ ਅਧਿਕਾਰੀਆਂ ਨੇ ਆਮ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣੇ ਬੰਦ ਨਾ ਕੀਤੇ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਰਸੂਲਪੁਰ ਅਤੇ ਕੁਲਵੰਤ ਸਿੰਘ ਸੋਨੀ ਨੇ ਦੱਸਿਆ ਕਿ ਪਾਵਰਕਾਮ ਵੱਲੋਂ ਜਿਨ੍ਹਾਂ ਲੋਕਾਂ ਦੇ ਬਿਜਲੀ ਬਿੱਲ ਬਕਾਇਆ ਖੜ੍ਹੇ ਹਨ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਵੱਡੇ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ ਜੋ ਕਿ ਸਰਾਸਰ ਗਲਤ ਹੈ । ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਨਵੀਂ ਬਣ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਕੁੱਲ 600 ਯੂਨਿਟ (ਪ੍ਰਤੀ ਮਹੀਨਾ 300 ਯੂਨਿਟ) ਬਿਜਲੀ ਮੁਫ਼ਤ, ਪੁਰਾਣੇ ਬਕਾਇਆ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਤੇ 24 ਘੰਟੇ ਬਿਨ੍ਹਾਂ ਕੱਟ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ । ਪਰ ਦੂਜੇ ਪਾਸੇ ਪਾਵਰਕਾਮ ਦੇ ਅਧਿਕਾਰੀ ਪੁਰਾਣੇ ਬਕਾਏ ਉਗਰਾਹੁਣ ਦੇ ਨਾਂ ਤੇ ਆਮ ਲੋਕਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਰਹੇ ਹਨ। ਇਸ ਮੌਕੇ ਮਜ਼ਦੂਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੁਰਾਣੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰੇ ਅਤੇ ਬਕਾਇਆ ਨਾ ਦੇ ਸਕਣ ਵਾਲਿਆਂ ਦੇ ਕੱਟੇ ਕੁਨੈਕਸ਼ਨ ਮੁੜ ਜੋੜਨ ਲਈ ਪਾਵਰਕਾਮ ਅਧਿਕਾਰੀਆਂ ਨੂੰ ਨਿਰਦੇਸ਼ ਦੇਵੇ। ਇਸ ਮੌਕੇ ਮਜ਼ਦੂਰ ਆਗੂਆਂ ਨੇ 'ਆਪ' ਦੀ ਬਣਨ ਵਾਲੀ ਸਰਕਾਰ ਨੂੰ ਬੇਨਤੀ ਕੀਤੀ ਕਿ ਪਾਵਰਕਾਮ ਅਧਿਕਾਰੀਆਂ ਨੂੰ ਕੁਨੈਕਸ਼ਨ ਕੱਟਣ ਤੋਂ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਪਾਵਰਕਾਮ ਅਧਿਕਾਰੀਆਂ ਨੇ ਅਜਿਹਾ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਨੂੰ ਮਜ਼ਬੂਰ ਹੋ ਕੇ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਬਖਤੌਰ ਸਿੰਘ, ਸੱਤਪਾਲ ਸਿੰਘ, ਬੀਰਾ ਸਿੰਘ ਆਦਿ ਹਾਜ਼ਰ ਸਨ ।