ਜਗਰਾਉਂ (ਰਣਜੀਤ ਸਿੱਧਵਾਂ) : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਨੇ ਦਿ ਰਿਟੇਲ ਕਰਿਆਨਾ ਵਪਾਰੀ ਐਸੋਸੀਏਸ਼ਨ ਜਗਰਾਉਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਰਿਆਨਾ ਵਪਾਰੀਆਂ ਨੂੰ ਫੂਡ ਐਕਟ ਬਾਰੇ ਪੂਰੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲੇ ਹਰੇਕ ਵਪਾਰੀ ਲਈ ਫੂਡ ਲਾਇਸੈਂਸ ਬਣਾਉਣਾ ਬਹੁਤ ਜ਼ਰੂਰੀ ਹੈ। ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਗਿਆ ਹੈ ਅਤੇ ਕੋਈ ਵੀ ਵਪਾਰੀ http://www.foscos.fssai.gov.in/ 'ਤੇ ਆਨਲਾਈਨ ਅਪਲਾਈ ਕਰਕੇ ਲਾਇਸੰਸ ਪ੍ਰਾਪਤ ਕਰ ਸਕਦਾ ਹੈ ਅਤੇ ਲਾਇਸੈਂਸ ਬਣਾਉਣ ਲਈ ਦਸਤਾਵੇਜ਼ ਵਿੱਚ ਫਰਮ ਦੇ ਮਾਲਕ ਦਾ ਆਈ.ਡੀ ਪਰੂਫ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਕਾਰੋਬਾਰੀ ਸਥਾਨ ਦਾ ਆਈ.ਡੀ ਪਰੂਫ (ਦੁਕਾਨ/ਬਿਜਲੀ ਦੇ ਬਿੱਲ ਦੀ ਰਜਿਸਟ੍ਰੇਸ਼ਨ) ਜ਼ਰੂਰੀ ਹੈ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਨੇ ਦੱਸਿਆ ਕਿ ਵੈੱਬਸਾਈਟ 'ਤੇ ਟੋਲ ਫ੍ਰੀ ਨੰਬਰ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਜੇਕਰ ਫਿਰ ਵੀ ਕਿਸੇ ਵਪਾਰੀ ਨੂੰ ਲਾਇਸੈਂਸ ਬਣਾਉਣ 'ਚ ਦਿੱਕਤ ਆਉਂਦੀ ਹੈ ਤਾਂ ਉਹ ਵਿਭਾਗ ਤੋਂ ਵੀ ਮਦਦ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲਾਇਸੈਂਸ ਨਾ ਹੋਣ ਦੀ ਸੂਰਤ ਵਿੱਚ ਵਪਾਰੀ ਨੂੰ ਛੇ ਮਹੀਨੇ ਦੀ ਕੈਦ ਅਤੇ 5 ਲੱਖ ਜੁਰਮਾਨਾ ਵੀ ਹੋ ਸਕਦਾ ਹੈ। ਇਸ ਮੌਕੇ ਪ੍ਰਚੂਨ ਵਪਾਰੀਆਂ ਨੇ ਅਧਿਕਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਮਨੋਹਰ ਸਿੰਘ ਟੱਕਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਦਾ ਸਵਾਗਤ ਕਰਦਿਆਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਜਲਦੀ ਹੀ ਲਾਇਸੰਸ ਬਣਾ ਦਿੱਤੇ ਜਾਣਗੇ | ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਵੀਨ ਜੈਨ ਅਤੇ ਇਕਬਾਲ ਸਿੰਘ, ਜਨਰਲ ਸਕੱਤਰ ਵਿਨੋਦ ਜੈਨ, ਸਕੱਤਰ ਕਮਲਦੀਪ ਬਾਂਸਲ, ਮੈਂਬਰ ਨਵਨੀਤ ਮੰਗਲਾ ਅਤੇ ਕਸ਼ਿਸ਼ ਸਮੇਤ ਸਮੂਹ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।